ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵੱਲੋਂ 7 ਕਰੋੜ ਰੁਪਏ ਦਾ ਬਜਟ ਪਾਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀ ਵਿਸ਼ੇਸ਼ ਬਜਟ ਮੀਟਿੰਗ ਚੇਅਰਮੈਨ ਹਰਮੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਰਬਸੰਮਤੀ ਨਾਲ ਸਾਲ 2024-25 ਲਈ 701.39 ਲੱਖ ਰੁਪਏ ਦਾ ਬਜਟ ਪਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਟਰੱਸਟ ਦੀ ਆਮਦਨ ਵਿਚੋਂ ਵੱਡਾ ਹਿੱਸਾ ਸ਼ਹਿਰ ਹੁਸ਼ਿਆਰਪੁਰ ਦੇ ਵਿਕਾਸ ਲਈ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟਰੱਸਟ ਦੀਆਂ ਵਿਕਾਸ ਸਕੀਮਾਂ ਵਿਚ ਆਧੁਨਿਕ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ। ਟਰੱਸਟ ਵੱਲੋਂ ਪਿਛਲੇ ਮਹੀਨੇ ਫਰਵਰੀ ਵਿਚ ਈ-ਆਕਸ਼ਨ ਕਰਵਾਈ ਗਈ ਸੀ, ਜੋ ਬਹੁਤ ਸਫਲ ਰਹੀ। ਇਸ ਆਕਸ਼ਨ ਦੌਰਾਨ ਲੱਗਭਗ 3 ਕਰੋੜ ਰੁਪਏ ਦੀਆਂ ਜਾਇਦਾਦਾਂ ਵੇਚੀਆਂ ਗਈਆਂ ਸਨ, ਉਨ੍ਹਾਂ ਦੀ ਪੁਸ਼ਟੀ ਕਰਕੇ ਮਤਾ ਸਰਕਾਰ ਨੂੰ ਭੇਜਿਆ ਜਾਵੇਗਾ। ਇਸ ਦੀ ਪ੍ਰਵਾਨਗੀ ਮਿਲਣ ਉਪਰੰਤ ਜਲਦੀ ਹੀ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ।
 ਚੇਅਰਮੈਨ ਹਰਮੀਤ ਸਿੰਘ ਔਲਖ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਕਿ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ। ਸ਼ਹਿਰ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਨ ਲਈ ਪੂਰਾ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਕੀਤੇ ਵਾਅਦੇ ਮੁਤਾਬਿਕ ਜਲਦੀ ਹੀ ਨਵਾਂ ਰਿਹਾਇਸ਼ੀ ਪ੍ਰੋਜੈਕਟ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਦੀ ਸ਼ਲਾਘਾ ਕੀਤੀ ਕਿ ਆਮ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਰਹੇ ਹਨ। ਆਮ ਲੋਕਾਂ ਦੀ ਸਮਸਿਆਵਾਂ ਨੂੰ ਦੂਰ ਕਰਨ ਲਈ ਸਰਕਾਰ ਵਲੋਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਵਪਾਰ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਲੋਕਾਂ ਵੱਲੋਂ ਸਰਕਾਰ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ, ਜ਼ਿਲ੍ਹਾ ਨਗਰ ਯੋਜਨਾਕਾਰ ਹੁਸ਼ਿਆਰਪੁਰ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਉਸਾਰੀ ਮੰਡਲ-1 ਹੁਸ਼ਿਆਰਪੁਰ, ਪਰਮਜੀਤ ਸਿੰਘ (ਕਾਰਜ ਸਾਧਕ ਅਫਸਰ), ਮਨਦੀਪ ਆਦੀਆ (ਸਹਾਇਕ ਟਰੱਸਟ ਇੰਜੀਨੀਅਰ), ਅਸ਼ੀਸ਼ ਕੁਮਾਰ (ਲੇਖਾਕਾਰ), ਸੰਜੀਵ ਕਾਲੀਆ (ਸੀਨੀਅਰ ਸਹਾਇਕ) ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here