ਚੋਣਾਂ ਦੌਰਾਨ ਸ਼ਰਾਬ ਦੀ ਵਿਕਰੀ ‘ਤੇ ਰਹੇਗੀ ਤਿੱਖੀ ਨਜ਼ਰ

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਾਂਝੇ ਤੌਰ ‘ਤੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਅੰਦਰ ਸ਼ਰਾਬ ਦੀ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਵਿਕਰੀ, ਗੋਦਾਮਾਂ ਵਿੱਚ ਨਜਾਇਜ਼ ਭੰਡਾਰਨ ਤੇ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਵੰਡੇ ਜਾਣ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਪਟਿਆਲਾ ਜ਼ਿਲ੍ਹੇ ਦੇ ਸਮੂਹ ਰਿਟੇਲ ਡਿਸਟ੍ਰੀਬਿਊਟਰਜ਼, ਮੈਨੂਫੈਕਚਰਿੰਗ ਫੈਕਟਰੀਆਂ ਦੇ ਨੁਮਾਇੰਦਿਆਂ ਅਤੇ ਸ਼ਰਾਬ ਦੇ ਠੇਕੇਦਾਰਾਂ ਨਾਲ ਇੱਕ ਅਹਿਮ ਬੈਠਕ ਕਰ ਰਹੇ ਸਨ।

Advertisements

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਸ਼ਰਾਬ ਦੀ ਵਿਕਰੀ ‘ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਸਟਲਰੀਆਂ ਤੇ ਸ਼ਰਾਬ ਦੇ ਕਾਰੋਬਾਰੀਆਂ ‘ਤੇ ਖਾਸ ਨਜ਼ਰ ਰਹੇਗੀ ਅਤੇ ਕਿਸੇ ਨੂੰ ਵੀ ਚੋਣ ਜਾਬਤੇ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਨੂੰ ਗ਼ੈਰਕਾਨੂੰਨੀ ਕਾਰਵਾਈ ਕਰਨ ਦਿੱਤੀ ਜਾਵੇਗੀ।

ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸ਼ਰਾਬ ਦੇ ਸਮੂਹ ਕਾਰੋਬਾਰੀ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਿਨ ਸ਼ਰਾਬ ਦੀ ਵਿਕਰੀ ਪਹਿਲੇ ਦਿਨ ਨਾਲੋਂ 30 ਫੀਸਦੀ ਜਿਆਦਾ ਜਾਂ ਬਲਕ ‘ਚ ਵਿਕਰੀ ਹੋਵੇ ਤਾਂ ਇਸ ਦੀ ਤੁਰੰਤ ਰਿਪੋਰਟ ਦਿੱਤੀ ਜਾਵੇ ਅਤੇ ਰੋਜ਼ਾਨਾ ਦੀ ਵਿਕਰੀ ‘ਤੇ ਨਜ਼ਰ ਰੱਖਣ ਲਈ ਫਲਾਇੰਗ ਸੁਕੈਡ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਬਿਨ੍ਹਾਂ ਵਜ੍ਹਾ ਪ੍ਰੇਸਾਨ ਨਹੀਂ ਕੀਤਾ ਜਾਵੇਗਾ ਪ੍ਰੰਤੂ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਕੀਤੀ ਜਾਵੇਗੀ।

ਐਸ.ਐਸ.ਪੀ. ਵਰੁਣ ਸ਼ਰਮਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਸ਼ਰਾਬ ਨਜਾਇਜ਼ ਵੰਡਣ ਜਾਂ ਭੰਡਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਦੀ ਪੂਰੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਹਰੇਕ ਸਬੰਧਤ ਵਿਰੁੱਧ ਇਕੱਲੇ ਆਬਕਾਰੀ ਐਕਟ ਹੀ ਨਹੀਂ ਬਲਕਿ ਲੋਕ ਪ੍ਰਤੀਨਿੱਧਤਾ ਐਕਟ ਸਮੇਤ ਆਈ.ਪੀ.ਸੀ. ਦੀਆਂ ਦੀਆਂ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਐਸ.ਐਸ.ਪੀ. ਨੇ ਕਿਹਾ ਕਿ ਤਾਕਤ ਤੇ ਪੈਸੇ ਦੀ ਸ਼ਕਤੀ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਨੱਪਿਆ ਜਾਵੇਗਾ, ਇਸ ਲਈ ਨੇਕ ਨੀਤੀ ਨਾਲ ਚੋਣ ਜ਼ਾਬਤੇ ਦੀ ਪਾਲਣਾ ਕੀਤੀ ਜਾਵੇ ਤਾਂ ਕਿ ਕਿਸੇ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਮੌਕੇ ਸਹਾਇਕ ਕਮਿਸ਼ਨਰ ਆਬਕਾਰੀ ਰਾਜੇਸ਼ ਐਰੀ, ਈ.ਟੀ.ਓਜ ਡੀ.ਐਸ. ਚਹਿਲ, ਰੁਪਿੰਦਰਜੀਤ ਸਿੰਘ, ਵੱਖ-ਵੱਖ ਡਿਸਟਿਲਰੀਜ਼ ਦੇ ਈ.ਓਜ ਸਮੇਤ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਤੇ ਪਟਿਆਲਾ ਨਾਲ ਸਬੰਧਤ ਸ਼ਰਾਬ ਦੇ ਕਾਰੋਬਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

LEAVE A REPLY

Please enter your comment!
Please enter your name here