11 ਮਈ ਨੂੰ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਰਜਿੰਦਰ ਅਗਰਵਾਲ ਨੇ ਦੱਸਿਆ ਹੈ ਕਿ 11 ਮਈ 2024 ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਰਾਸ਼ਟਰੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਆਪਣੇ ਕੇਸਾਂ ਨੂੰ ਲਗਾ ਕੇ ਸਸਤਾ ਤੇ ਛੇਤੀ ਨਿਆਂ ਹਾਸਲ ਕਰਨ।

Advertisements

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਰਜਿੰਦਰ ਅਗਰਵਾਲ ਨੇ ਕਿਹਾ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧੰਨ ਅਤੇ ਸਮਾਂ ਬਚਾਉਣ ਦੇ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫ਼ੈਸਲੇ ਲਈ ਸ਼ਾਮਿਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਜੋ ਝਗੜਾ ਅਦਾਲਤ ਵਿੱਚ ਨਾ ਚੱਲਦਾ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜ਼ੀਨਾਮੇ ਲਈ ਲਿਆਂਦਾ ਜਾ ਸਕਦਾ ਹੈ ।

ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ, ਜੇਕਰ ਕੇਸ ਅਦਾਲਤ ਵਿੱਚ ਲੰਬਿਤ ਹੈ ਤਾਂ ਸਬੰਧਿਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ/ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ ਤਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ। ਲੋਕ ਅਦਾਲਤ ਵਿੱਚ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਲੋਕ ਅਦਾਲਤਾਂ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਵਿਚ ਫ਼ੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ। ਲੋਕ ਅਦਾਲਤ ਵਿਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ।

LEAVE A REPLY

Please enter your comment!
Please enter your name here