ਚੋਣਾਂ ਤੋਂ ਪਹਿਲਾਂ ਪ੍ਰਿੰਟ ਮੀਡੀਆ ਵਿੱਚ ਛਪਣ ਵਾਲੇ ਇਸ਼ਤਿਹਾਰਾਂ ਦੀ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣਾ ਲਾਜ਼ਮੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖ਼ਬਾਰਾਂ ਵਿੱਚ ਬਿਨਾਂ ਪੂਰਵ ਪ੍ਰਵਾਨਗੀ ਤੋਂ ਕੋਈ ਵੀ ਸਿਆਸੀ ਇਸ਼ਤਿਹਾਰ ਛਾਪਣ ‘ਤੇ ਰੋਕ ਲਗਾਈ ਗਈ ਹੈ।

Advertisements

ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਮਤਦਾਨ 01 ਜੂਨ, 2024 ਨੂੰ ਹੋਣਾ ਹੈ। ਇਸ ਲਈ 31 ਮਈ, 2024 ਅਤੇ 01 ਜੂਨ, 2024 ਦੇ ਅਖ਼ਬਾਰਾਂ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਛਪਵਾਉਣ ਤੋਂ ਪਹਿਲਾਂ ਇਸ ਇਸ਼ਤਿਹਾਰ ਨੂੰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਤੋਂ ਪੂਰਵ ਪ੍ਰਵਾਨਗੀ ਲੈਣਾ ਲਾਜ਼ਮੀ ਹੈ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣ ਕਰਨ।

ਉਨ੍ਹਾਂ ਕਿਹਾ ਕਿ ਇਲੈਕਟ੍ਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਇਸ ਸਮੇਂ ਵੀ ਬਿਨਾਂ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਜਾਰੀ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਬਕਾਇਦਾ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸ ਤੋਂ ਇੱਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਛਪਣ ਵਾਲੇ ਇਸ਼ਤਿਹਾਰਾਂ ਦੀ ਪ੍ਰੀ-ਸਰਟੀਫਿਕੇਸ਼ਨ ਲਈ ਉਮੀਦਵਾਰ ਜਾਂ ਪਾਰਟੀ ਨੂੰ ਘੱਟੋ-ਘੱਟ ਦੋ ਦਿਨ ਪਹਿਲਾਂ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਕੋਲ ਅਰਜ਼ੀ ਦੇਣਾ ਲਾਜ਼ਮੀ ਹੋਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਉਮੀਦਵਾਰ ਵੱਲੋਂ ਮੁੱਲ ਦੀਆਂ ਖ਼ਬਰਾਂ ਛਪਵਾਈਆਂ ਜਾਂਦੀਆਂ ਹਨ ਤਾਂ ਇਨ੍ਹਾਂ ਦਾ ਖ਼ਰਚਾ ਵੀ ਉਮੀਦਵਾਰ ਦੇ ਚੋਣ ਖ਼ਰਚ ਵਿਚ ਸ਼ਾਮਿਲ ਕੀਤਾ ਜਾਵੇਗਾ। ਇਸ ਲਈ ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here