ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਜਾਇਜ਼ਾ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀਆਂ ਬੈਂਕਾਂ ਵਿੱਚ ਕਰਜ਼ੇ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ। ਉਹ ਅੱਜ ਇੱਥੇ ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਦੀ ਜ਼ਿਲ੍ਹਾ ਪੱਧਰੀ ਰੀਵਿਯੂ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵੀ ਮੌਜੂਦ ਸਨ।

Advertisements

ਡਿਪਟੀ ਕਮਿਸ਼ਨਰ ਨੇ ਬੈਂਕਿੰਗ ਮਾਮਲਿਆਂ ਨੂੰ ਲੰਬਿਤ ਰੱਖਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਕਿਸੇ ਕੇਸ ਵਿੱਚ ਕੁੱਝ ਨੁਕਸ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਕਰਜ਼ਿਆਂ ਸਬੰਧੀ ਬੈਂਕਾਂ ਵਿੱਚ ਲੰਬਿਤ ਪਏ ਕੇਸਾਂ ਦਾ 30 ਅਪ੍ਰੈਲ ਤੱਕ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਬੈਂਕਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖਪਤਕਾਰਾਂ ਨੂੰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਸਮੇਂ ਸੰਵੇਦਨਸ਼ੀਲ ਰਵੱਈਆ ਅਪਨਾਉਣ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੀ ਸੁਰੱਖਿਆ ਅਤੇ ਕਾਰਜਪ੍ਰਣਾਲੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਬੈਂਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ ਅਤੇ ਨਗਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਖ਼ਤੀ ਨਾਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਬੈਂਕ ਸੀ.ਸੀ.ਟੀ.ਵੀ. ਕੈਮਰੇ ਦੀ ਮੋਨੀਟਰਿੰਗ ਪੁਲਿਸ ਕੰਟਰੋਲ ਰੂਮ ਵਿੱਚ ਵੀ ਕੀਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਸਮੇਂ ਪੁਲਿਸ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਇਸ ਮੌਕੇ ਲੀਡ ਬੈਂਕ ਮੈਨੇਜਰ ਦਵਿੰਦਰ ਕੁਮਾਰ ਨੇ ਮੀਟਿੰਗ ਦੀ ਕਾਰਵਾਈ ਚਲਾਈ। ਮੀਟਿੰਗ ‘ਚ ਆਰ.ਬੀ.ਆਈ ਵੱਲੋਂ ਗਰੀਮਾ, ਨਾਬਾਰਡ ਦੇ ਡੀ.ਡੀ.ਐਮ. ਗੁਰਪ੍ਰੀਤ ਸਿੰਘ, ਆਰਸੇਟੀ ਦੇ ਡਾਇਰੈਕਟਰ ਭਗਵਾਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here