ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਵਿਸ਼ੇਸ ਮੀਟਿੰਗ

ਮਾਲੇਰਕੋਟਲਾ (ਦ ਸਟੈਲਰ ਨਿਊਜ਼): ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਕੂਲਾਂ ਦੀ ਨੈਤਿਕ ਜ਼ਿੰਮੇਵਾਰੀ ਹੈ ।’ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਲਾਗੂ ਕਰਨ/ਕਰਵਾਉਂਣ ਲਈ ਸਕੂਲ ਪ੍ਰਬੰਧਕ ਸਕੂਲ ਪੱਧਰ ‘ਤੇ “ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ”ਬਣਾਉਣ ਲਈ ਕਮੇਟੀਆਂ ਦਾ ਗਠਨ ਆਪਣੇ ਪੱਧਰ ਤੇ ਕਰਨ ਦੀ ਸਲਾਹ  ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ ਨੇ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ “ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ” ਬਣਾਉਣ ਅਤੇ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਇੰਨ-ਬਿਨ ਲਾਗੂ ਕਰਵਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਸਕੂਲਾਂ ਦੇ ਮੁਖੀਆਂ ਅਤੇ ਪ੍ਰਬੰਧਕਾ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ ।

Advertisements

ਇਸ ਮੌਕੇ ਉਨ੍ਹਾਂ  ‘ਸੇਫ਼ ਸਕੂਲ ਵਾਹਨ ਪਾਲਿਸੀ’ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆ ਕਿਹਾ ਕਿ  ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਪ੍ਰਸ਼ਾਸਨ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ/ਬਹਾਨਾ ਬਰਦਾਸ਼ਤ ਨਹੀਂ ਕਰੇਗਾ। ਆਉਣ ਵਾਲੇ ਸਮੇਂ ਵਿੱਚ ਪ੍ਰਸ਼ਾਸਨ ਦੀ ਕਾਰਵਾਈ ਤੋਂ ਬਚਣ ਲਈ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ । ਇਸ ਮੌਕੇ ਸਕੂਲ ਮੁਖੀਆਂ ਨੂੰ ਸਾਰੇ ਮਾਪਦੰਡਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਕੂਲ ਪ੍ਰਿੰਸੀਪਲਾਂ/ਪ੍ਰਬੰਧਕਾਂ ਨੂੰ ਜਲਦ ਤੋਂ ਜਲਦ ਆਪੋ-ਆਪਣੇ ਸਕੂਲਾਂ ਵਿੱਚ ਪਾਲਿਸੀ ਦੀ ਪਾਲਣਾ ਸਬੰਧੀ ਸਵੈ ਘੋਸ਼ਣਾ ਪੱਤਰ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਭਵਿੱਖ ਵਿੱਚ ਕਾਰਵਾਈ ਤੋਂ ਬਚਿਆ ਜਾ ਸਕੇ।

ਰਿਜਨਲ ਟਰਾਂਸਪੋਰਟ ਅਫ਼ਸਰ ਹਰਬੰਸ ਸਿੰਘ  ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੇ ਮਾਪਦੰਡ ਅਨੁਸਾਰ ਇਹ ਲਾਜ਼ਮੀ ਹੈ ਕਿ ਸਕੂਲ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣ, ਵਾਹਨਾਂ ‘ਚ ਅੱਗ ਬੁਝਾਊ ਯੰਤਰ ਹੋਵੇ, ਅਟੈਂਡੈਂਟ ਅਤੇ ਸਟਾਫ ਦੇ ਵਰਦੀ ਪਾਈ ਹੋਵੇ, ਪ੍ਰਦੂਸ਼ਣ ਕੰਟਰੋਲ ਕਲੀਅਰੈਂਸ, ਫਾਇਰ ਸਟੇਸ਼ਨ ਅਤੇ ਪੁਲਿਸ ਆਦਿ ਦਾ ਸੰਪਰਕ ਨੰਬਰ, ਸਕੂਲੀ ਵਾਹਨਾਂ ਵਿੱਚ ਸਪੀਡ ਗਵਰਨਰ ਲੱਗਾ ਹੋਵੇ, ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਵਿਦਿਆਰਥਣਾਂ ਲਈ ਮਹਿਲਾ ਅਟੈਂਡੈਂਟ ਹੋਣਾ ਲਾਜ਼ਮੀ, ਹੋਰ ਨਿਯਮਾਂ ਦੇ ਨਾਲ ਫਸਟ ਏਡ ਕਿੱਟਾਂ ਅਤੇ ਨਾਲ ਹੀ ਬੱਸਾਂ ਨੂੰ ਓਵਰਲੋਡ ਨਾ ਕੀਤਾ ਜਾਣਾ ਸ਼ਾਮਲ ਹੈ।

ਡੀ.ਐਸ.ਪੀ. (ਐਚ) ਕਮਲਜੀਤ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਮੁਖੀਆਂ ਨੂੰ ‘ਸੇਫ਼ ਸਕੂਲ ਵਾਹਨ ਪਾਲਿਸੀ’ ਤਹਿਤ ਲਾਗੂ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਸਕੂਲਾਂ ਨੂੰ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਕੂਲਾਂ ਦੇ ਬਾਹਰ ਟ੍ਰੈਫਿਕ ਜਾਮ ਨਾ ਲੱਗੇ। ਓਵਰਲੋਡ ਈ-ਰਿਕਸ਼ਾ, ਆਟੋ ਰਿਕਸ਼ਿਆਂ ਆਦਿ ਰਾਹੀਂ ਬੱਚਿਆ ਨੂੰ ਸਕੂਲ ਭੇਜਣ ਤੋਂ ਗੁਰੇਜ ਕਰਨ ਅਤੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਰਾਹੀਂ ਸਕੂਲਾਂ ਵਿੱਚ ਭੇਜਣ  ਲਈ ਮਾਪਿਆ ਨੂੰ ਜਾਗਰੂਕ ਕਰਨ ਲਈ ਕਿਹਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਤੇ ਸਬੰਧਤ ਵਿਭਾਗਾਂ ਦੇ ਅਫਸਰਾਂ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਲਈ ਸਕੂਲ ਮੁਖੀਆਂ ਨਾਲ ਗੱਲਬਾਤ ਵੀ ਕੀਤੀ।

ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ, ਐਸ.ਡੀ.ਐਮ. ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਕੌਰ,ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਸੰਧੂ, ਬਾਲ ਸੁਰੱਖਿਆ ਅਫ਼ਸਰ ਮੁਬੀਨ,ਐਲ.ਪੀ.ਓ ਬਬੀਤਾ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ,ਮੁਖੀ ਅਤੇ ਪ੍ਰਬੰਧਕ ਹਾਜ਼ਰ ਸਨ । ਆਖੀਰ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਵੀਪ ਨੋਡਲ ਅਫਸਰ (ਕਾਲਜਾਂ) ਮੁਹੰਮਦ ਇਰਫਾਨ ਫਾਰੂਕੀ ਨੇ ਸਕੂਲ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਵੋਟਰ ਜਾਗਰੂਕਤਾ ਫੈਲਾਉਣ ਲਈ ਵੀ ਕੰਮ ਕਰਨ।

LEAVE A REPLY

Please enter your comment!
Please enter your name here