ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ‘ਤੇ ਰੱਖੀ ਜਾਵੇ ਤਿੱਖੀ ਨਜ਼ਰ: ਖ਼ਰਚਾ ਅਬਜ਼ਰਵਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਆਗਾਮੀ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਖਰਚਾ ਅਬਜ਼ਰਵਰਾ ਪਵਨ ਕੁਮਾਰ ਖੇਤਾਨ, ਆਈ.ਆਰ.ਐਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਖ਼ਰਚਾ ਅਬਜ਼ਰਵਰਾਂ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖ਼ਰਚਿਆਂ ਬਾਰੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਖੇਤਾਨ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਤ ਕੀਤੇ ਗਏ ਖ਼ਰਚੇ ਸਬੰਧੀ ਪੂਰੀ ਚੌਕਸੀ ਵਰਤੀ ਜਾਵੇ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖ਼ਰਚਿਆਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਉਮੀਦਵਾਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਚੋਣ ਰੈਲੀਆਂ ਤੇ ਹੋਰ ਜਨਤਕ ਸਮਾਗਮਾਂ ਦੀ ਮੁਕੰਮਲ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਕੀਤੇ ਜਾਣ ਵਾਲੇ ਖ਼ਰਚੇ ਦਾ ਪੂਰਾ ਰਿਕਾਰਡ ਰੱਖਿਆ ਜਾ ਸਕੇ। ਖ਼ਰਚਾ ਅਬਜ਼ਰਵਰ ਨੇ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੈਅ ਸਮੇਂ ਵਿਚ ਨਿਪਟਾਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾ ਭੇਜੀਆਂ ਜਾਣ ਵਾਲੀਆਂ ਰਿਪੋਰਟਾਂ ਸਮੇਂ ਸਿਰ ਭੇਜਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਉਨ੍ਹਾਂ ਰਿਪੋਰਟਾਂ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

Advertisements

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਨਾਗਰਿਕ ਚੋਣਾਂ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਕਰਦਾ ਹੈ ਤਾਂ ਉਸ ਦਾ ਢੁਕਵਾਂ ਸਬੂਤ ਵੀ ਹਾਸਲ ਕੀਤਾ ਜਾਵੇ। ਇਸ ਦੌਰਾਨ ਉਹਨਾਂ ਹੁਣ ਤੱਕ ਆਈਆਂ ਸ਼ਿਕਾਇਤਾਂ ਅਤੇ ਕੀਤੀ ਗਈ ਰਿਕਵਰੀ ਦਾ ਬਿਓਰਾ ਵੀ ਹਾਸਲ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਖ਼ਰਚੇ ‘ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਠਿਤ ਕੀਤੀਆਂ ਗਈਆਂ ਨਿਗਰਾਨ ਕਮੇਟੀਆਂ ਤੇ ਉੱਡਣ ਦਸਤਿਆਂ ਨੂੰ ਮੁਕੰਮਲ ਸਾਜ਼ੋ-ਸਾਮਾਨ ਨਾਲ ਹਰ ਸਮੇਂ ਲੈਸ ਰੱਖਿਆ ਜਾਵੇ ਤਾਂ ਜੋ ਲੋੜ ਪੈਣ ‘ਤੇ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਚੋਣ ਜਲਸਿਆਂ, ਰੈਲੀਆਂ ਤੇ ਨੁੱਕੜ ਮੀਟਿੰਗਾਂ ਆਦਿ ਦੀ ਵੀਡੀਓਗ੍ਰਾਫੀ ਕਰਵਾਉਣ ਬਾਰੇ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਦਾ ਮੌਕਾ ਇਕ ਤਿਉਹਾਰ ਵਾਂਗ ਹੈ ਅਤੇ ਸਾਨੂੰ ਸਾਰਿਆਂ ਨੂੰ ਆਪਸੀ ਤਾਲਮੇਲ ਨਾਲ ਇਸ ਨੂੰ ਮੁਕੰਮਲ ਕਰਨਾ ਚਾਹੀਦਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਏ. ਈ. ਓ (ਹੈੱਡਕੁਆਰਟਰ) ਨਰੇਸ਼ ਕੁਮਾਰ, ਡੀ. ਐਸ. ਪੀ ਬਲਕਾਰ ਸਿੰਘ, ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਕਾਨੂੰਗੋ ਚੋਣਾਂ ਦੀਪਕ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here