
ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਪਵਨਦੀਪ ਉਮਰ 38 ਸਾਲਾਂ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸਦੇ ਪਤੀ ਨੇ ਕਰੀਬ ਦੋ ਸਾਲ ਪਹਿਲਾਂ ਆਪਣੇ ਲੜਕੇ ਦੀ ਬੀਮਾਰੀ ਅਤੇ ਘਰੇਲੂ ਲੋੜਾਂ ਦੇ ਚਲਦੇ ਹੋਏ ਏਜੰਟ ਬੰਟੀ ਭਾਟੀਆ ਵਾਸੀ ਫਤਿਹਗੜ੍ਹ ਚੂੜੀਆਂ ਤੋਂ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਬਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਆਰਥਿਕ ਹਾਲਤ ਖਰਾਬ ਹੋਣ ਕਾਰਨ ਉਹ ਸਮੇਂ ਸਿਰ ਕਰਜ਼ਾ ਨਹੀਂ ਮੋੜ ਸਕੇ। ਜਿਸਦਾ ਫਾਇਦਾ ਉਠਾਉਂਦੇ ਹੋਏ ਮੁਲਜ਼ਮਾਂ ਨੇ ਵਿਆਜ ਜੋੜ ਕੇ ਰਕਮ ਵਧਾ ਦਿੱਤੀ ਅਤੇ ਉਸ ਨਾਲ ਕੋਈ ਹਿਸਾਬ ਕਿਤਾਬ ਨਹੀਂ ਕੀਤੀ।

ਬਲਵਿੰਦਰ ਕੌਰ ਨੇ ਦੱਸਿਆ ਕਿ ਉਸਦੇ ਪਤੀ ਨੇ ਦਰੱਖਤ ਵੇਚ ਕੇ ਇੱਕ ਲੱਖ ਰੁਪਏ ਏਜੰਟ ਨੂੰ ਦਿੱਤੇ। ਇਸ ਤੋਂ ਬਾਅਦ ਵੀ ਏਜੰਟ ਉਸ ਦੇ ਪਤੀ ਨੂੰ ਧਮਕੀਆਂ ਦਿੰਦਾ ਰਿਹਾ। ਇਸ ਤੋਂ ਤੰਗ ਆ ਕੇ ਉਸਦੇ ਪਤੀ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਤਨੀ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਬੰਟੀ ਭਾਟੀਆ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਇਨਸਾਫ ਦਿਵਾਇਆ ਜਾਵੇ। ਦੂਜੇ ਪਾਸੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਏਜੰਟ ਬੰਟੀ ਭਾਟੀਆ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ ਕਿਸਾਨ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕੀਤੀ ਅਤੇ ਆੜਤੀ ਵਲੋਂ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਆੜਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।












