
ਬਰਨਾਲਾ (ਦ ਸਟੈਲਰ ਨਿਊਜ਼), ਰਿਪੋਰਟ- ਹਰਪ੍ਰੀਤ ਛੰਨਾ। ਬਰਨਾਲਾ ਦੇ ਪਿੰਡ ਬਡਬਰ ਵਿਖੇ ਇਕ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਜਿੱਥੇ ਕਿ ਇਕ ਮੋਟਰਸਾਈਕਲ ਅਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਬਡਬਰ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਖੇਤੋਂ ਘਰ ਨੂੰ ਜਾ ਰਿਹਾ ਸੀ। ਜਦੋਂ ਉਹ ਬਠਿੰਡਾ-ਚੰਡੀਗੜ੍ਹ ਕੌਮੀ ਮੁੱਖ ਮਾਰਗ ਚੜ੍ਹ ਕੇ ਦੂਸਰੇ ਪਾਸੇ ਬਣੇ ਕੱਟ ਨੂੰ ਪਾਰ ਕਰਨ ਲੱਗਿਆ ਤਾ ਸੰਗਰੂਰ ਵਲੋਂ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਹਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਪਿੰਡ ਵਾਸੀਆ ਨੇ ਚੁੱਕ ਕੇ ਸਰਕਾਰੀ ਹਸਪਤਾਲ ਧਨੌਲਾ ਵਿਖੇ ਲਿਆਂਦਾ ਪਰ ਉਸਦੀ ਜਾਨ ਨਹੀਂ ਬੱਚ ਸਕੀ।

ਥਾਣਾ ਧਨੌਲਾ ਦੇ ਸਬ ਇੰਸਪੈਕਟਰ ਮਲਕੀਤ ਸਿੰਘ ਤੇ ਡਿਊਟੀ ਅਫ਼ਸਰ ਥਾਣੇਦਾਰ ਕਮਲਜੀਤ ਸਿੰਘ ਨੇ ਕਾਰ ਚਾਲਕ ਤੇ ਬਣਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਵਿਖੇ ਭੇਜ ਦਿੱਤਾ ਗਿਆ ਹੈ। ਇਸ ਮੌਕੇ ਪਿੰਡ ਦੇ ਮੁਹਤਬਰ ਵਿਅਕਤੀ ਸਰਪੰਚ ਜਗਤਾਰ ਸਿੰਘ, ਪੰਚ ਮੁਲਖ ਰਾਜ, ਸੁਖਵਿੰਦਰ ਸਿੰਘ, ਅਮਰਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵੀਰ ਸਿੰਘ, ਜਗਮੇਲ ਸਿੰਘ, ਛਿੰਦਰਪਾਲ ਸਿੰਘ, ਜਸਪ੍ਰੀਤ ਸਿੰਘ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆ ਕਿਹਾ ਕਿ ਇਸ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।












