Thursday, October 29, 2026
Home Latest ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਦੇ ਲਾਭਪਾਤਰੀਆਂ ਲਈ 3 ਕਰੋੜ...

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਦੇ ਲਾਭਪਾਤਰੀਆਂ ਲਈ 3 ਕਰੋੜ 53 ਲੱਖ 94 ਹਜ਼ਾਰ ਜਾਰੀ: ਡਾ. ਪੱਲਵੀ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਵਰਦਾਨ ਸਾਬਿਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਦੇ 694 ਲਾਭਪਾਤਰੀਆਂ ਨੂੰ 03 ਕਰੋੜ 53 ਲੱਖ 94 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਆਸ਼ੀਰਵਾਦ ਸਕੀਮ ਤਹਿਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਪਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਲਗਾਤਾਰ ਕਾਰਜਸ਼ੀਲ ਅਤੇ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀ ਦੇ 253 ਲਾਭਪਾਤਰੀਆਂ ਨੂੰ 1 ਕਰੋੜ 29 ਲੱਖ 3 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ 441 ਲਾਭਪਾਤਰੀਆਂ ਨੂੰ 2 ਕਰੋੜ 24 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ।

Advertisements

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕਲ ਬਾਵਾ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਲੜਕੀ ਦੀ ਉਮਰ 18 ਸਾਲ ਤੋਂ ਵੱਧ ਹੋਵੇ, ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਲੜਕੀ ਦੇ ਵਿਆਹ ਤੋਂ ਪਹਿਲਾਂ ਜਾਂ 30 ਦਿਨਾਂ ਦੇ ਅੰਦਰ ਤਹਿਸੀਲ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਦਫ਼ਤਰ ਵਿੱਚ ਅਪਲਾਈ ਕੀਤਾ ਜਾਵੇ।

ਜਿਨ੍ਹਾਂ ਪਰਿਵਾਰਾਂ ਕੋਲ ਬੀ ਪੀ ਐਲ ਜਾਂ ਨੀਲੇ ਕਾਰਡ ਹਨ, ਉਨ੍ਹਾਂ ਨੂੰ ਆਮਦਨ ਦੇ ਸਬੂਤ ਵਜੋਂ ਕੋਈ ਹੋਰ ਦਸਤਾਵੇਜ਼ ਦੇਣ ਦੀ ਜ਼ਰੂਰਤ ਨਹੀਂ। ਉਨ੍ਹਾਂ ਹੋਰ ਦੱਸਿਆ ਕਿ ਹੁਣ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਲਾਭਪਾਤਰੀਆਂ ਲਈ ਆਨਲਾਈਨ ਪੋਰਟਲ ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ, http://ashirwad.punjab.gov.in ਤੇ ਅਰਜ਼ੀ ਆਨਲਾਈਨ ਭਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਨਲਾਈਨ ਪੋਰਟਲ ਤੇ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਹੋਰ ਕਿਹਾ ਕਿ ਪ੍ਰਾਪਤ ਹੋਈ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here