ਸਮਾਣਾ (ਦ ਸਟੈਲਰ ਨਿਊਜ਼)। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸਮਾਣਾ-ਭਵਾਨੀਗੜ੍ਹ ਰੋਡ ‘ਤੇ ਨਵੇਂ ਬਣਾਏ ਗਏ ਡਿਵਾਇਡਰ ਉਤੇ ਬੂਟੇ ਲਾਏ। ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਅੱਜ ਅਸੀੰ ਮੁੱਲ ਦੀ ਆਕਸੀਜਨ ਲੈ ਰਹੇ ਹਾਂ ਪਰ ਜੇਕਰ ਅਸੀਂ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਬਚਾਉਣਾ ਹੈ ਤਾਂ ਸਾਨੂੰ ਬੂਟੇ ਲਾਉਣੇ ਹੀ ਪੈਣਗੇ। ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਹਰੇਕ ਕਿਸਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਕੀਤੀ ਅਪੀਲ ਮੁਤਾਬਕ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਜਰੂਰ ਲਾਵੇ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ
ਇਸ ਮੌਕੇ ਦੱਸਿਆ ਕਿ ਨੇ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਸਰਕਾਰ ਨੇ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ। ਜੌੜਾਮਾਜਰਾ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ ਅਤੇ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ।ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਸਰਕਾਰ ਨੇ ਰਾਜ ਵਿੱਚ ਕੁੱਲ 1.2 ਕਰੋੜ ਪੌਦੇ ਲਾਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ।
ਇੱਕ ਸਵਾਲ ਦੇ ਜਵਾਬ ਵਿੱਚ ਜੌੜਾਮਾਜਰਾ ਨੇ ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਉਲੰਪਕ ‘ਚ ਆਪਣੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਜਾਣ ਤੋਂ ਰੋਕਣ ਨੂੰ ਮੰਦਭਾਗਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਨਾਲ ਤਾਂ ਧੱਕਾ ਕਰ ਹੀ ਰਿਹਾ ਹੈ ਬਲਕਿ ਜਿੱਥੇ ਕਿਤੇ ਵੀ ਵਿਰੋਧੀ ਸਰਕਾਰ ਹੈ ਉਥੇ ਵੀ ਕੇਂਦਰ ਦੀ ਭਾਜਪਾ ਸਰਕਾਰ ਦਾ ਰਵੱਈਆ ਨਿੰਦਣਯੋਗ ਹੀ ਹੈ। ਇਸ ਮੌਕੇ ਹਰਜਿੰਦਰ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਟਿਵਾਣਾ, ਕੁਲਦੀਪ ਵਿਰਕ, ਗੋਪਾਲ ਕ੍ਰਿਸ਼ਨ ਬਿੱਟੂ, ਸੰਦੀਪ ਗਰਗ, ਸੁਰਜੀਤ ਫੌਜੀ, ਰਵਿੰਦਰ ਸੋਹਲ, ਅਮਿਤ ਧਾਲੀਵਾਲ, ਸੰਜੇ ਸਿੰਗਲਾ, ਰਵੀ ਰੰਧਾਵਾ, ਪਾਰਸ ਸ਼ਰਮਾ, ਸੰਦੀਪ ਸ਼ਰਮਾ, ਹਰਮੇਸ਼ ਕੁਲਾਰਾਂ, ਰਵਿੰਦਰ ਬੱਲੀ, ਦੀਪਕ ਵਧਵਾ ਤੇ ਸੋਨੀ ਘੁੰਮਣ ਸਮੇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।