ਫਾਜ਼ਿਲਕਾ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਖਜਲ-ਖੁਆਰੀ ਰਹਿਤ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਭ ਦੇਣ ਲਈ ਵਚਨਬੱਧ ਹੈ। ਲੋਕਾਂ ਨੂੰ ਸਮੇਂ ਸਿਰ ਤੇ ਨਿਰਵਿਘਨ ਸੇਵਾਵਾਂ ਮਿਲਣ ਦੇ ਉਦੇਸ਼ ਸਦਕਾ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਦਫਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫਤਰਾਂ ਵਿਖੇ ਆਉਣ ਵਾਲੇ ਲੋਕਾਂ ਦਾ ਸਮੇਂ ਸਿਰ ਕੰਮ ਕਰਕੇ ਸਰਕਾਰੀ ਸੇਵਾ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਤੇ ਡਿਊਟੀ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਲੋਕਾਂ ਨੂੰ ਖੱਜਲ-ਖੁਆਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦਫਤਰਾਂ ਵਿਖੇ ਆਪਣਾ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨਾਲ ਵਤੀਰਾ ਚੰਗਾ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨਾਲ ਦੁਰਵਿਵਹਾਰ ਨਾ ਕੀਤਾ ਜਾਵੇ। ਉਨ੍ਹਾਂ ਪੈਨਸ਼ਨ ਵਿਭਾਗ, ਉਦਯੋਗ ਵਿਭਾਗ, ਮਗਨਰੇਗਾ ਵਿਭਾਗ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਆਦਿ ਹੋਰ ਵੱਖ-ਵੱਖ ਦਫਤਰਾਂ ਵਿਖੇ ਜਾ ਕੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਲੋਕਾਂ ਨੂੰ ਸਮੇਂ ਸਿਰ ਤੇ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।
ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਤੇ ਇਕ ਛੱਤ ਹੇਠ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਵਿਭਾਗਾਂ ਵਿਖੇ ਤਾਇਨਾਤ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੋ ਵੀ ਨਾਗਰਿਕ ਦਫਤਰ ਵਿਖੇ ਕੰਮ ਕਰਵਾਉਣ ਆਉਂਦਾ ਹੈ ਤਾਂ ਉਸਦਾ ਯੋਗ ਵਿਧੀ ਅਨੁਸਾਰ ਜਲਦ ਤੋਂ ਜਲਦ ਕੰਮ ਕੀਤਾ ਜਾਵੇ ਤਾਂ ਜੋ ਦਫਤਰ ਵਿਖੇ ਕੰਮ ਕਰਵਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਸਟਾਫ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਂਵਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਲੋਕ ਸਰਕਾਰ ਦੀਆਂ ਸਹੂਲਤਾ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾ ਤੋਂ ਵਾਂਝਾ ਨਾ ਰਖਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਦੀ ਡਿਉਟੀ ਬਣਦੀ ਹੈ ਕਿ ਲੋਕਾਂ ਲਈ ਚਲਾਈਆਂ ਜਾਂਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਹਰ ਹਾਲ ਵਿਚ ਸਮੇਂ ਸਿਰ ਪਹੁੰਚੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ, ਹਰਮੰਦਰ ਸਿੰਘ, ਬਲਾਕ ਪ੍ਰਧਾਨ ਭਜਨ ਲਾਲ ਤੋਂ ਇਲਾਵਾ ਹੋਰ ਪਤਵੰਤੇ ਸਜਨ ਮੌਜੂਦ ਸਨ।