
ਚੰਡੀਗੜ੍ਹ (ਦ ਸਟੈਲਰ ਨਿਊਜ਼)। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫਾ ਮੰਗਿਆ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿੱਚ ਹੋਣ ਦੇ ਤਾਜ਼ਾ ਖੁਲਾਸੇ ਤੋਂ ਬਾਅਦ ਅਸਤੀਫ਼ਾ ਮੰਗਿਆ ਹੈ। ਦੱਸ ਦਈਏ ਕਿ ਵਿਸ਼ੇਸ਼ ਜਾਂਚ ਟੀਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੀਲਬੰਦ ਰਿਪੋਰਟ ਸੌਂਪੀ ਹੈ। ਰਿਪੋਰਟ ਵਿਚ ਖੁਲਾਸਾ ਕੀਤਾ ਗਿਆ ਹੈ ਕਿ ਬਿਸ਼ਨੋਈ ਦਾ ਪਹਿਲਾ ਇੰਟਰਵਿਊ ਉਸ ਸਮੇਂ ਹੋਇਆ ਸੀ ਜਦੋਂ ਉਹ ਖਰੜ, ਪੰਜਾਬ ਵਿਚ ਸੀਆਈਏ ਦੀ ਹਿਰਾਸਤ ਵਿਚ ਸੀ ਅਤੇ ਦੂਜਾ ਰਾਜਸਥਾਨ ਦੀ ਜੇਲ੍ਹ ਵਿਚ ਹੋਇਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਾਰਚ 2023 ਤੋਂ ਝੂਠ ਬੋਲ ਰਹੀ ਹੈ।

ਹੁਣ ਹਾਈ ਕੋਰਟ ਵਿੱਚ ਇਸ ਖੁਲਾਸੇ ਤੋਂ ਬਾਅਦ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਮਾਰੇ ਗਏ ਪੰਜਾਬੀ ਰੈਪਰ ਅਤੇ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਮਾਪਿਆਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਹ ਇੰਟਰਵਿਊ ਪੰਜਾਬ ਦੇ ਮੁੱਖ ਮੰਤਰੀ ਦੀ ਨੱਕ ਦੇ ਹੇਠਾਂ ਹੋਈ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹਨਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਕਾਲੀਆਂ ਭੇਡਾਂ ਹਨ। ਉਹਨਾਂ ਅੱਗੇ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਸਿੰਘ ਮਾਨ ਨੂੰ ਨਿਰਪੱਖ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਘੱਟੋ-ਘੱਟ ਗੈਂਗਸਟਰ ਦੀ ਇੰਟਰਵਿਊ ਬਾਰੇ ਝੂਠ ਬੋਲਣ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਅਜਿਹੇ ਘਿਨਾਉਣੇ ਅਨਸਰਾਂ ਤੇ ਲਗਾਮ ਲਗਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ।












