Monday, October 26, 2026
Home Latest ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ

ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਅਜ਼ਾਦੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇਸ ਵਾਰ ਵੀ 15 ਅਗਸਤ ਨੂੰ ਕੌਮੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਨੂੰ ਕਾਮਯਾਬ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਕਿਹਾ ਕਿ ਗੁਰਦਾਸਪੁਰ ਵਿਖੇ ਜਸ਼ਨ-ਏ-ਅਜ਼ਾਦੀ ਸਮਾਗਮ ਪੂਰੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।

Advertisements

ਉਨ੍ਹਾਂ ਕਿਹਾ ਕਿ ਅਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਉਪਰੰਤ ਪੰਜਾਬ ਪੁਲੀਸ ਦੇ ਜਵਾਨਾਂ, ਮਹਿਲਾ ਪਲਾਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟ ਅਤੇ ਵੱਖ ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸਭਿਆਚਾਰ ਦੀ ਤਰਜ਼ਮਾਨੀ ਕਰਦਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰ ਵਿਭਾਗ ਆਪਣੀਆਂ ਤਿਆਰੀਆਂ ਨੂੰ ਸਮਾਂ ਰਹਿੰਦਿਆਂ ਪੂਰਾ ਕਰ ਲਵੇ। ਇਸ ਮੌਕੇ ਉਨ੍ਹਾਂ ਅਜ਼ਾਦੀ ਸਮਾਗਮ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਰੀਵਿਊ ਵੀ ਕੀਤਾ। 

LEAVE A REPLY

Please enter your comment!
Please enter your name here