
ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ 15 ਅਗਸਤ 2024 ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਆਜ਼ਾਦੀ ਦਿਹਾੜੇ ਦੇ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਚੱਲ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਸਿੰਘ ਵੀ ਹਾਜ਼ਰ ਸਨ। ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ, ਐਨ.ਸੀ.ਸੀ.ਅਤੇ ਹੋਮਗਾਰਡ ਆਦਿ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ.ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੌਕੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ।

ਇਸ ਦੌਰਾਨ ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਇਹ ਵੀ ਕਿਹਾ ਕਿ ਸਮਾਗਮ ਤੋਂ ਪਹਿਲਾਂ ਅਤੇ ਬਾਅਦ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਢੁੱਕਵੇਂ ਬੰਦੋਬਸਤ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਦੀ ਸਾਫ-ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲਾ ਪਾਣੀ, ਰਿਫਰੈਸਮੈਂਟ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਆਰਜ਼ੀ ਪਖਾਨੇ ਆਦਿ ਸਮੇਤ ਸਮੁੱਚੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰ ਲਏ ਜਾਣ, ਜਿਸ ਦੇ ਲਈ ਸੀਨੀਅਰ ਅਧਿਕਾਰੀ ਖੁਦ ਇੰਤਜ਼ਾਮਾਂ ਦੀ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਇਸ ਮੌਕੇ ਸਿਵਲ ਸਰਜਨ ਨੂੰ ਸਮਾਗਮ ਵਾਲੇ ਸਥਾਨ ‘ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਸਫਵਾਲਾ ਸ਼ਹੀਦੀ ਸਮਾਰਕ ਦੀ ਸਾਫ-ਸਫਾਈ ਆਦਿ ਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਵੀ ਦਿੱਤੇ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਮਾਗਮ ਵਾਲੇ ਸਥਾਨ ‘ਤੇ ਆਉਣ ਵਾਲੇ ਲੋਕਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਦਿਆਂ ਸੁਖਾਲੀ ਐਂਟਰੀ, ਪਾਰਕਿੰਗ ਆਦਿ ਦੇ ਢੁੱਕਵੇਂ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾ ਲਏ ਜਾਣ ਤਾਂ ਜੋ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਤੇ ਕਰਮਚਾਰੀ ਰਾਸ਼ਟਰੀ ਮਹੱਤਤਾ ਵਾਲੇ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਡੀ.ਐਫ.ਐਸ.ਸੀ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਜ਼ਿਲ੍ਹਾ ਖੇਡ ਅਫਸਰ ਗੁਰਪ੍ਰੀਤ ਸਿੰਘ, ਡਿਪਟੀ ਡੀ.ਈ.ਓ ਪੰਕਜ਼ ਅੰਗੀ ਅਤੇ ਖੋਜ ਅਫਸਰ ਪਰਮਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।










