
ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਦੇਸ਼ ਦੇ 78ਵੇਂ ਆਜ਼ਾਦੀ ਦਿਵਸ-2024 ਮੌਕੇ ਮਾਲੇਰਕੋਟਲਾ ਦੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਪੱਲਵੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਰਾਜ ਪਾਲ ਸਿੰਘ ਨੇ ਅੱਜ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਐਸ.ਐਸ.ਪੀ. ਗਗਨ ਅਜੀਤ ਸਿੰਘ, ਐਸ.ਡੀ.ਐਮ. ਅਪਰਨਾ ਐਮ.ਬੀ, ਸਹਾਇਕ ਕਮਿਸ਼ਨਰ ਹਰਬੰਸ ਸਿੰਘ ਨਾਲ ਇਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਜਾਇਜਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ ਪੱਲਵੀ ਇਸ ਮੌਕੇ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਰਿਖਣ ਕਰਨਗੇ ਅਤੇ ਆਵਾਮ ਦੇ ਨਾਮ ਆਪਣਾ ਸੰਦੇਸ਼ ਦੇਣਗੇ। ਇਸ ਉਪਰੰਤ ਸ਼ਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਆਜਾਦੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਸਮੇਤ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਜਾਵੇਗਾ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਤੰਤਰਤਾ ਸੈਨਾਨੀਆਂ,ਕਾਰਗਿਲ ਸ਼ਹੀਦਾਂ/ਸੈਨਿਕ ਸ਼ਹੀਦਾਂ ਦੇ ਵਾਰਸਾਂ ਦੇ ਸਨਮਾਨ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਨਾਮਨਾ ਖੱਟਣ ਵਾਲੇ ਪ੍ਰਮੁੱਖ ਸ਼ਖਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਆਜ਼ਾਦੀ ਦਿਹਾੜੇ ਮੌਕੇ ਆਯੋਜਿਤ ਹੋਣ ਵਾਲੇ ਸਮਾਗਮਾਂ ਦੌਰਾਨ ਸ਼ਾਨਦਾਰ ਪਰੇਡ ਵਿੱਚ ਪੰਜਾਬ ਪੁਲਿਸ ਪੁਰਸ਼ਾਂ ਦੀ ਇੱਕ ਟੁਕੜੀ, ਮਹਿਲਾ ਪੁਲਿਸ ਵਿੰਗ ਦੀ ਇੱਕ ਟੁਕੜੀ, ਪੰਜਾਬ ਹੋਮ ਗਾਰਡਜ਼ ਦੀ ਇੱਕ ਟੁਕੜੀ, ਸਕੂਲ ਦੇ ਬੈਂਡ ਅਤੇ ਇੱਕ ਟੁਕੜੀ ਪੰਜਾਬ ਪੁਲਿਸ ਬੈਂਡ ਦੀ ਸ਼ਾਮਲ ਹੋਵੇਗੀ । ਇਸ ਪਰੇਡ ਦੀ ਅਗਵਾਈ ਕਮਾਂਡਰ ਡੀ.ਐਸ.ਪੀ. ਦੀਪ ਇੰਦਰ ਪਾਲ ਸਿੰਘ ਜੇਜੀ ਕਰਨਗੇ। ਸਮਾਰੋਹ ਦੇ ਅਖੀਰ ਵਿੱਚ ਕੌਮੀ ਗੀਤ ਦਾ ਗਾਇਨ ਹੋਵੇਗਾ। ਇਸ ਮੌਕੇ ਰਾਜ ਪਾਲ ਸਿੰਘ ਨੇ ਕਿਹਾ ਕਿ ਜਿਸ ਆਜ਼ਾਦੀ ਦੀ ਪ੍ਰਾਪਤੀ ਲਈ ਦੇਸ਼ ਭਗਤਾਂ ਨੂੰ ਬੇਸ਼ੁਮਾਰ ਕੁਰਬਾਨੀਆਂ ਦੇਣੀਆਂ ਪਈਆਂ ਹਨ, ਉਸ ਆਜ਼ਾਦੀ ਦੇ ਪਵਿੱਤਰ ਦਿਵਸ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾ ਕੇ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨੀ ਚਾਹੀਦੀ ਹੈ।
ਉਨ੍ਹਾਂ ਇਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਯਾਦਗਾਰੀ ਬਣਾਉਣ ਲਈ ਸਾਂਝੇ ਯਤਨ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਸਾਰੇ ਕਾਰਜ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਨਿਭਾਉਣ । ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਕਿ ਉਹ ਆਪਣੇ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀ ਆਜ਼ਾਦੀ ਦਿਵਸ ਸਮਾਰੋਹ ਮੌਕੇ ਹਾਜ਼ਰੀ ਯਕੀਨੀ ਬਣਾਉਣ। ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਆਜ਼ਾਦੀ ਦਿਵਸ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕਰ ਲਏ ਗਏ ਹਨ। ਇਸ ਤੋਂ ਇਲਾਵਾ ਸਮਾਗਮ ਦੌਰਾਨ ਸੁਚਾਰੂ ਆਵਾਜਾਈ ਅਤੇ ਪਾਰਕਿੰਗ ਆਦਿ ਦੇ ਵੀ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਇਸ ਮੌਕੇ ਐਸ.ਡੀ.ਐਮ.ਮਾਲੇਰਕੋਟਲਾ ਅਪਰਨਾ ਐਮ.ਬੀ ਨੇ ਸੱਭਿਆਚਾਰਕ ਆਇਟਮਾਂ ਤਿਆਰ ਕਰਨ ਵਾਲੇ ਸਕੂਲਾਂ ਦੇ ਮੁਖੀਆਂ ਨੂੰ ਵਿਦਿਆਰਥੀਆਂ ਦੀ ਹੋਰ ਰਿਹਸਲਾਂ ਕਰਵਾਉਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਪ੍ਰਤੀਭਾ ਵਿੱਚ ਹੋਰ ਨਿਖਾਰ ਆ ਸਕੇ। ਇਸ ਮੌਕੇ ਐਸ.ਪੀ. ਸਵਰਨਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਰਿੰਪੀ ਗਰਗ, ਡੀ.ਐਸ.ਪੀ. ਕਰਮਜੀਤ ਸਿੰਘ, ਡੀ.ਐਸ.ਪੀ. ਰਣਜੀਤ ਸਿੰਘ, ਡੀ.ਐਸ.ਪੀ. ਗੁਰਦੇਵ ਸਿੰਘ, ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ ,ਆਬਕਾਰੀ ਤੇ ਕਰ ਅਫ਼ਸਰ ਸੁਨੀਲ ਗਰਗ, ਰੋਹਿਤ ਅਗਰਵਾਲ, ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਤੋਂ ਇਨਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।












