
ਫਾਜਿਲਕਾ (ਦ ਸਟੈਲਰ ਨਿਊਜ਼)। ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ.ਕਵਿਤਾ ਸਿੰਘ ਦੀ ਦੇਖਰੇਖ ਵਿੱਚ ਅੱਜ ਸਬ ਸੈਂਟਰ ਰਾਮਪੁਰਾ ਅਤੇ ਚੁਆੜਿਆਂਵਾਲੀ ਵਿਖੇ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਮਾਸ ਮੀਡੀਆ ਬ੍ਰਾਂਚ ਦਫ਼ਤਰ ਸਿਵਲ ਸਰਜਨ ਤੋਂ ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਫਾਜਿਲਕਾ ਇੱਕ ਵਿਸ਼ੇਸ਼ ਮੁਹਿੰਮ ਰਾਹੀਂ 8 ਸਤੰਬਰ ਤੱਕ ਮਰਨ ਉਪਰੰਤ ਅੱਖਾਂ ਦਾਨ ਕਰਨ, ਅੱਖਾਂ ਦੀਆਂ ਬਿਮਾਰੀਆਂ, ਅੰਨ੍ਹੇਪਣ ਦੇ ਕਾਰਣ ਅਤੇ ਇਲਾਜ ਸਬੰਧੀ ਪ੍ਰੇਰਿਤ ਕਰ ਰਿਹਾ ਹੈ।

ਉਹਨਾਂ ਦੱਸਿਆ ਕਿ ਪੁਤਲੀ ਕਾਰਨ ਹੋਏ ਅੰਨ੍ਹੇਪਣ ਨੂੰ ਖਤਮ ਕਰਨ ਲਈ ਸਰਕਾਰ ਵਲੋ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹਰ ਸਾਲ ਹਜ਼ਾਰਾਂ ਲੋਕ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ, ਪਰ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਨੇਤਰਦਾਨ ਕਰਨ ਵਾਲਾ ਇੱਕ ਵਿਅਕਤੀ 2 ਲੋਕਾਂ ਨੂੰ ਰੋਸ਼ਨੀ ਦੇ ਸਕਦਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਉਮਰ ਵਿੱਚ, ਭਾਵੇਂ ਅੱਖਾਂ ਵਿੱਚ ਲੈਂਜ ਪਾਏ ਹੋਣ, ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਅਪ੍ਰੇਸ਼ਨ ਕੀਤਾ ਹੋਵੇ ਤਾਂ ਵੀ ਇਨਸਾਨ ਦੀਆਂ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆਉਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਉੱਤੇ ਗਿੱਲਾ ਅਤੇ ਸਾਫ਼ ਕੱਪੜਾ ਰੱਖਿਆ ਜਾਵੇ ਅਤੇ ਸਿਰ ਥੱਲੇ ਸਿਰਹਣਾ ਰੱਖਿਆ ਜਾਵੇ। ਕਿਸੇ ਇਨਸਾਨ ਦੀ ਮੌਤ ਹੋਣ ਤੇ 6 ਤੋਂ 8 ਘੰਟਿਆਂ ਦੇ ਅੰਦਰ ਅੰਦਰ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਅੱਖਾਂ ਦਾਨ ਕਰਨ ਦੀ ਪ੍ਰਕ੍ਰਿਆ ਸਿਰਫ਼ 10 ਤੋਂ 15 ਮਿੰਟਾਂ ਵਿੱਚ ਮੁਕੰਮਲ ਹੋ ਜਾਂਦੀ ਹੈ।
ਉਹਨਾਂ ਕਿਹਾ ਕਿ ਏਡਜ, ਕਾਲਾ ਪੀਲੀਆ, ਦਿਮਾਗੀ ਬੁਖਾਰ ਅਤੇ ਬਲੱਡ ਕੈਂਸਰ ਵਾਲੇ ਮਰੀਜ਼ਾਂ ਦੀਆਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਕਈ ਲੋਕ ਅੱਖਾਂ ਦਾਨ ਕਰਨ ਸਬੰਧੀ ਵਹਿਮਾਂ ਭਰਮਾਂ ਵਿੱਚ ਫਸੇ ਹੋਏ ਹਨ ਜਿਵੇਂ ਕਿ ਅੱਖਾਂ ਦਾਨ ਕਰਨ ਵਾਲਾ ਵਿਅਕਤੀ ਅਗਲੇ ਜਨਮ ਵਿੱਚ ਅੰਨ੍ਹਾ ਪੈਦਾ ਹੁੰਦਾ ਹੈ, ਪੂਰੀ ਅੱਖ ਕੱਢ ਲਈ ਜਾਂਦੀ ਹੈ ਆਦਿ, ਪਰ ਇਹ ਸਭ ਵਹਿਮ ਭਰਮ ਹੀ ਹਨ। ਅੱਖਾਂ ਦਾਨ ਕਰਨ ਦੇ ਚਾਹਵਾਨ ਲੋਕ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਜਾਂ ਆਨਲਾਈਨ ਵੀ ਇਹ ਪਲੈਜ ਫਾਰਮ ਭਰ ਸਕਦੇ ਹਨ। ਇਸ ਸਮੇਂ ਮੈਡਮ ਜ਼ੀਨੀਆ, ਮੈਡਮ ਰੀਟਾ, ਜਤਿੰਦਰ ਕੁਮਾਰ, ਦੀਪਕ ਕੁਮਾਰ, ਗਰਭਵਤੀ ਔਰਤਾਂ ਅਤੇ ਹੋਰ ਲੋਕ ਹਾਜ਼ਰ ਸਨ।












