ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਫ਼ਿਰੋਜ਼ਪੁਰ ਵਿੱਚ ਦਿਨ-ਦਿਹਾੜੇ ਗੋਲੀਆਂ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਿਥੇ ਕਿ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਹਮਲਾਵਰਾਂ ਨੇ ਕਾਰ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਇਸ ਵਾਰਦਾਤ ਵਿੱਚ ਭਰਾ, ਭੈਣ ਅਤੇ ਪਿਤਾ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਹਿਚਾਣ ਦਿਲਪ੍ਰੀਤ ਸਿੰਘ ਪੁੱਤਰ ਅਕਾਸ਼ਦੀਪ ਸਿੰਘ, ਜਸਪ੍ਰੀਤ ਕੌਰ ਪੁੱਤਰੀ ਅਕਾਸ਼ਦੀਪ ਸਿੰਘ ਵਾਸੀ ਕੰਬੋਜ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਮ੍ਰਿਤਕ ਲੜਕੀ ਦਾ 10 ਦਿਨਾਂ ਬਾਅਦ ਵਿਆਹ ਹੋਣਾ ਸੀ। ਜਾਣਕਾਰੀ ਮੁਤਾਬਕ ਜਿਵੇਂ ਹੀ ਪਰਿਵਾਰ ਗਰੁਦੁਆਰੇ ਤੋਂ ਬਾਹਰ ਨਿਕਲਿਆ ਅਤੇ ਕਾਰ ਵਿੱਚ ਸਵਾਰ ਹੋਇਆ ਤਾਂ ਬਾਈਕ ਸਵਾਰ ਹਮਲਾਵਰਾਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ 20 ਤੋਂ ਵੱਧ ਰਾਊਂਡ ਫਾਇਰ ਕੀਤੇ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਦੂਜੇ ਵਿਅਕਤੀ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ। ਇਸ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚੀ ਅਤੇ ਜਾਂਚ ਕੀਤੀ ਜਾ ਰਹੀ ਹੈ।