
ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਬੰਬ ਧਮਾਕਾ ਮਾਮਲੇ ਵਿੱਚ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਪੁਲਿਸ ਨੇ ਇਸ ਮਾਮਲੇ ਦੇ ਮੁੱਖ ਆਰੋਪੀ ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਨੂੰ ਉਕਤ ਬਲਾਸਟ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ, ਜਿਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ।

ਇਸ ਤੋਂ ਇਲਾਵਾ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦਾਅਵਾ ਕਰਦਿਆਂ ਦੱਸਿਆ ਕਿ, ਮੁੱਢਲੇ ਖੁਲਾਸੇ ਵਿੱਚ, ਰੋਹਨ ਨੇ 11 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਚੰਡੀਗੜ੍ਹ ਗ੍ਰਨੇਡ ਕਾਂਡ ਦੇ ਮੁੱਖ ਆਰੋਪੀ ਨੂੰ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ISI ਦੀਆਂ ਹਦਾਇਤਾਂ ਤੇ ਕਾਰਵਾਈ ਕੀਤੀ ਗਈ ਸੀ, ਬੱਬਰ ਖਾਲਸਾ ਇੰਟਰਨੈਸ਼ਨਲ (BKI) ਦਾ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਅਮਰੀਕਾ ਅਧਾਰਤ ਹੈਪੀ ਪਾਸੀਆ ਦੇ ਨਾਲ ਮਾਸਟਰਮਾਈਂਡ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।












