Tuesday, October 13, 2026
Home Latest ‘ਆਪ ਦੀ ਸਰਕਾਰ’ ‘ਆਪ ਦੇ ਦੁਆਰ’ ਤਹਿਤ ਲਗਾਏ ਜਨ ਸੁਣਵਾਈ ਕੈਂਪ ‘ਚ...

‘ਆਪ ਦੀ ਸਰਕਾਰ’ ‘ਆਪ ਦੇ ਦੁਆਰ’ ਤਹਿਤ ਲਗਾਏ ਜਨ ਸੁਣਵਾਈ ਕੈਂਪ ‘ਚ ਪ੍ਰਸਾਸਨਿਕ ਅਧਿਕਾਰੀਆਂ ਨੇ ਸੁਣੀਆਂ ਨਿੱਜੀ ਸਮੱਸਿਆਵਾਂ

ਅਮਰਗੜ੍ਹ/ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਉਪਰਾਲੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਪਿੰਡ ਗੁਆਰਾ ਵਿਖੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਨ ਸੁਣਵਾਈ ਕੈਂਪ ਦਾ ਆਯੌਜਨ ਕੀਤਾ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਹੋਰਨਾਂ ਅਧਿਕਾਰੀਆਂ ਸਮੇਤ ਲੋਕਾਂ ਦੇ ਨਿੱਜੀ ਅਤੇ ਸਾਝੇ ਮਸਲਿਆਂ ਦੀ ਸੁਣਵਾਈ ਕਰਨ ਦੇ ਨਾਲ ਉਨ੍ਹਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ,ਐਸ.ਡੀ.ਐਮ.ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ,ਤਹਿਸ਼ੀਲਦਾਰ ਸੀਸ਼ਪਾਲ ਸਿੰਗਲਾ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਪਿੰਡ ਨਿਵਾਸੀਆਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਇਹ ਕੈਂਪ ਲੋਕਾਂ ਦੀਆਂ ਮੁਸ਼ਕਲਾਂ ਅਤੇ ਪ੍ਰਸ਼ਾਸਨਿਕ ਕੰਮਾਂ ਦੇ ਨਿਪਟਾਰੇ ਲਈ ਬਿਹਤਰੀਨ ਮੰਚ ਸਾਬਤ ਹੋ ਰਹੇ ਹਨ ਅਤੇ ਲੋਕਾਂ ਵਲੋਂ ਇਨ੍ਹਾਂ ਕੈਂਪਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਲੋੜਵੰਦ ਵਿਅਕਤੀ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

Advertisements

ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਲੋਂ ਪਹਿਲਾ ਹੀ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਕਿ ਕੈਂਪ ਦੌਰਾਨ ਪ੍ਰਾਪਤ ਦਰਖਾਸਤਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸਰਕਾਰ ਵਲੋਂ ਲੋਕਾਂ ਨੂੰ ਉਨਾਂ ਦੀਆਂ ਬਰੂਹਾਂ ‘ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਦੇ ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਨਾਗਰਿਕ ਸੇਵਾਵਾਂ ਦਾ ਲਾਭ ਇਕੋ ਛੱਤ ਹੇਠਾਂ ਹਾਸਿਲ ਕਰਨ ਵਾਲੇ ਲਾਭਪਾਤਰੀ ਨੇ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਪਹਿਲ ਕਦਮੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋ ਰਹੀ ਹੈ ਉਥੇ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ਼ ਹੋਰ ਦ੍ਰਿੜ ਹੋਇਆ ਹੈ। ਇਕ ਹੋਰ ਲਾਭਪਾਤਰੀ ਨੇ ਕਿਹਾ ਕਿ ਸਰਕਾਰ ਵਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਏ ਜਾ ਰਹੇ ਇਹ ਸੁਵਿਧਾ ਕੈਂਪ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਸ ਮੌਕੇ ਉਨ੍ਹਾਂ ਪਿੰਡ ਨਿਵਾਸੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਸ ਦਾ ਸੁਚੱਜੇ ਤਰੀਕੇ ਨਾਲ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਲਈ ਇੰਨ-ਸਿਟੂ ਮਸ਼ੀਨਾਂ ਅਤੇ ਪਰਾਲੀ ਨੂੰ ਇਕੱਠੀ ਕਰਕੇ ਇਸ ਦੀਆਂ ਗੰਢਾਂ ਦੀ ਵੱਖ-ਵੱਖ ਉਦਯੋਗਿਕ ਇਕਾਈਆਂ ਵਿਚ ਵਰਤੋਂ ਲਈ ਐਕਸ-ਸਿਟੂ ਬੇਲਰ ਮਸ਼ੀਨਾਂ ਦੀ ਉਪਲਬੱਧਤਾ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਖੇਤੀਬਾੜੀ ਅਫ਼ਸਰਾਂ ਨਾਲ ਸੰਪਰਕ ਕਰਨ ਲਈ ਕਿਹਾ।

            

LEAVE A REPLY

Please enter your comment!
Please enter your name here