
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਵਿਖੇ ਪੰਜਾਬ ਸਰਕਾਰ ਖਿਲਾਫ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਦੇ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਤੇ ਪੀਆਰਟੀਸੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਉਹਨਾਂ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਉਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਤੇ ਮੁੱਖ ਮੰਤਰੀ ਪੰਜਾਬ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ, ਘੱਟ ਤਨਖਾਹ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਸਬੰਧੀ, ਮੁਲਾਜ਼ਮਾਂ ਤੇ ਮਾਰੂ ਕੰਡੀਸ਼ਨਾ ਨੂੰ ਖਤਮ ਕਰਕੇ ਸਰਵਿਸ ਰੂਲ ਲਾਗੂ ਕਰਨ, ਠੇਕੇਦਾਰ ਬਾਹਰ ਕੱਢਣ, ਟਰਾਂਸਪੋਰਟ ਮਾਫੀਆ ਖਤਮ ਕਰਨ, ਕਿਲੋਮੀਟਰ ਬੱਸਾਂ ਬੰਦ ਕਰਨ, ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਆਦਿ ਮੰਗਾਂ ਦਾ ਹੱਲ ਕਰਨ ਲਈ ਕਮੇਟੀ ਗਠਿਤ ਕੀਤੀ ਗਈ ਸੀ। ਜਿਸ ਵਿੱਚ ਜਥੇਬੰਦੀ ਦੇ 2 ਆਗੂ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਸੀ ਤੇ ਯੂਨੀਅਨ ਵੱਲੋਂ ਆਪਣੇ ਸਾਰੇ ਪੱਖ ਉਸ ਕਮੇਟੀ ਵਿੱਚ ਰੱਖੇ ਗਏ ਸੀ।

2 ਅਦਾਰਿਆਂ ਦੇ ਡਾਇਰੈਕਟਰਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ਬਣਾ ਕੇ ਟਰਾਂਸਪੋਰਟ ਮੰਤਰੀ ਨੂੰ ਭੇਜ ਦਿੱਤੀ ਹੈ ਪਰ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ਨੂੰ ਪੂਰਾ ਨਹੀਂ ਕਰ ਰਹੀ ਹੈ। ਜਿਸ ਕਾਰਨ ਪੰਜਾਬ ਭਰ ਵਿੱਚ ਗੇਟ ਰੈਲੀਆਂ ਕੀਤੀਆ ਜਾ ਰਹੀਆ ਹਨ। ਆਗੂਆਂ ਨੇ ਦੱਸਿਆ ਕਿ ਆਉਣ ਵਾਲੀਆਂ ਜਿਮਨੀ ਚੋਣਾਂ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤੇ 25 ਸਤੰਬਰ ਨੂੰ ਪ੍ਰੈਸ ਕਾਨਫਰੰਸ ਚੰਡੀਗੜ੍ਹ, 8 ਅਕਤੂਬਰ ਨੂੰ ਜਲੰਧਰ ਕੰਨਵੈਨਸ਼ਨ 15 ਅਕਤੂਬਰ ਨੂੰ ਬੱਸ ਸਟੈਂਡ ਬੰਦ ਕੀਤੇ ਜਾਣਗੇ, 18 ਅਕਤੂਬਰ ਨੂੰ ਗੇਟ ਰੈਲੀਆਂ ਕਰਕੇ 21 ਅਕਤੂਬਰ ਤੋਂ ਪੂਰਨ ਤੌਰ ਤੇ ਚੱਕਾ ਜਾਮ ਕੀਤਾ ਜਾਵੇਗਾ ਅਤੇ 22 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਅਤੇ ਜੇਕਰ ਫੇਰ ਵੀ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆ ਗਈਆਂ ਤਾਂ ਹੜਤਾਲ ਕੀਤੀ ਜਾਵੇਗੀ ਜਿਸਦੀ ਜ਼ਿਮੇਵਾਰੀ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ।












