
ਅਹਿਮਦਗੜ੍ਹ/ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਅੱਜ ਅਹਿਮਦਗੜ੍ਹ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ, ਪੱਲੇਦਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸੇ ਨੂੰ ਵੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਾ ਦਿੱਤਾ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੁਰੀ ਤਰ੍ਹਾਂ ਚੁਸਤ-ਦਰੁਸਤ ਹੈ ਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਵੀ ਕਿਸਮ ਦੀ ਦਿਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਨਿਰਦੇਸ਼ ਹਨ ਕਿ ਕਿਸੇ ਵੀ ਕਿਸਾਨ ਨੂੰ ਅਨਾਜ਼ ਮੰਡੀ ਵਿੱਚ ਝੋਨਾ ਵੇਚਣ ਸਮੇਂ ਕੋਈ ਵੀ ਮੁਸ਼ਕਲ ਨਾ ਆਵੇ। ਹਰੇਕ ਅਨਾਜ ਮੰਡੀ ਵਿੱਚ ਝੋਨਾ ਖਰੀਦ ਕੇ ਤੁਰੰਤ ਚੁੱਕਿਆ ਜਾਵੇਗਾ। ਇਸ ਮੌਕੇ ਉਨ੍ਹਾਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ‘ਚ ਆਏ ਝੋਨੇ ਦੀ ਨਾਲੋ-ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਨਿਰਵਿਘਨ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਹਨ ਕਿ ਅਨਾਜ਼ ਮੰਡੀਆਂ ਵਿੱਚ ਸਖ਼ਤ ਨਜ਼ਰ ਰੱਖੀ ਜਾਵੇ ਕਿ ਕੋਈ ਵੀ ਝੋਨਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਤੋ ਹੇਠਾਂ ਨਾ ਖਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਸਾਰੇ ਮਸਲਿਆਂ ਦਾ ਹੱਲ ਹੋ ਚੁੱਕਾ ਹੈ ਅਤੇ ਇਸ ਝੋਨੇ ਦੇ ਸੀਜ਼ਨ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆੜ੍ਹਤੀਏ ਵੀ ਪੂਰੀ ਤਰ੍ਹਾਂ ਸੰਤੁਸ਼ਟ ਹਨ।ਇਸ ਮੌਕੇ ਉਨ੍ਹਾਂ ਪੱਲੇਦਾਰਾਂ ਅਤੇ ਮੰਡੀ ਮਜਦੂਰਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਕੱਢਿਆ ਜਾਵੇਗਾ। ਉਨ੍ਹਾਂ ਸਬੰਧਤ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਖਰੀਦੇ ਗਏ ਝੋਨੇ ਦੀ ਮੰਡੀਆਂ ਵਿੱਚੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਨਿਰਵਿਘਨ ਖਰੀਦ, ਲਿਫਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸੀਜ਼ਨ ਦੌਰਾਨ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਲਗਭਗ 05 ਲੱਖ 21 ਹਜਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਝੋਨੇ ਦਾ ਇੱਕ-ਇੱਕ ਦਾਣਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦਿਆ ਜਾਵੇਗਾ। ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਅੰਨਦਾਤਾਵਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਸ਼ੈੱਡ, ਪਖਾਨੇ, ਉਚਿੱਤ ਰੋਸ਼ਨੀ, ਤਰਪਾਲਾਂ ਆਦਿ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਡਾ. ਪੱਲਵੀ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ ‘ਚ ਜ਼ਿਆਦਾ ਸਮਾਂ ਨਾ ਬੈਠਣਾ ਪਵੇ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਹਰਬੰਸ ਸਿੰਘ,ਪ੍ਰਧਾਨ ਨਗਰ ਕੌਸਲ ਅਹਿਮਦਗੜ੍ਹ ਵਿਕਾਸ ਕ੍ਰਿਸ਼ਨ,ਕਮਲਜੀਤ ਸਿੰਘ ਉਭੀ, ਪ੍ਰਧਾਨ ਆੜਤੀ ਐਸੋਸੀਏਸ਼ਨ ਸੁਰਿੰਦਰ ਕੁਮਾਰ, ਰਵਿੰਦਰ ਪੁਰੀ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।












