
ਕਪੂਰਥਲ਼ਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੰਜਾਬ ਪੁਲਿਸ ਵਲੋਂ ਸੂਬੇ ਭਰ ਵਿਚ ਅੱਜ ਚਲਾਏ ਗਏ ਕਾਸੋ ਆਪਰੇਸ਼ਨ ਤਹਿਤ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ,ਰੇਲਵੇ, ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਦੀ ਨਿਗਰਾਨੀ ਹੇਠ ਐਸ.ਐਸ.ਪੀ. ਵਤਸਲਾ ਗੁਪਤਾ ਦੀ ਅਗਵਾਈ ਵਿਚ ਸਮੂਹ ਐਸ.ਪੀਜ਼ ਅਤੇ ਡੀ.ਐਸ.ਪੀਜ਼ ਵਲੋਂ ਜ਼ਿਲ੍ਹੇ ਭਰ ਦੇ ਵੱਖ-ਵੱਖ ਖੇਤਰਾਂ ਦੀ ਚੈਕਿੰਗ ਕੀਤੀ ਗਈ। ਆਪਰੇਸ਼ਨ ’ਕਾਸੋ’ ਤਹਿਤ ਭੈੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਸਬੰਧੀ ਐਸ.ਐਸ.ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਅੱਜ ਪੁਲਿਸ ਪਾਰਟੀਆਂ ਵਲੋਂ ਸ਼ੱਕੀ ਵਿਅਕਤੀਆਂ, ਮਾੜੇ ਅਨਸਰਾਂ ਅਤੇ ਵੱਖ-ਵੱਖ ਮਾਮਲਿਆਂ ਵਿਚ ਭਗੌੜੇ ਵਿਅਕਤੀਆਂ ਦੇ ਰਿਹਾਇਸ਼ੀ ਥਾਵਾਂ ’ਤੇ ਚੈਕਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 15 ਮੁਕੱਦਮੇ ਦਰਜ ਕਰਕੇ 16 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 13 ਗ੍ਰਾਮ ਹੈਰੋਈਨ, ਤਿੰਨ ਕਿੱਲੋ ਭੁੱਕੀ ਚੂਰਾ ਪੋਸਤ,450 ਗ੍ਰਾਮ ਅਫੀਮ,535 ਨਸ਼ੀਲੀਆਂ ਗੋਲੀਆਂ, 190 ਗ੍ਰਾਮ ਗਾਂਜਾ, 1 ਪਿਸਤਲ ਦੇਸੀ 32 ਬੋਰ, ਇਕ ਮੈਗਜ਼ੀਨ , ਇਕ ਰੌਂਦ , 100 ਕਿੱਲੋ ਲਾਹਣ ਅਤੇ 95 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਅਮਨ ਕਾਨੂੰਨ ਤੇ ਸ਼ਾਂਤੀ ਭੰਗ ਕਰਨ ਵਾਲੇ 13 ਦੇ ਕਰੀਬ ਸ਼ਰਾਰਤੀ ਅਨਸਰਾਂ ਖਿਲਾਫ਼ ਜ਼ੁਰਮ ਰੋਕੋ ਕਾਰਵਾਈ ਅਮਲ ਵਿਚ ਲਿਆਉਣ ਦੇ ਨਾਲ-ਨਾਲ ਵਿਸ਼ੇਸ਼ ਨਾਕਾਬੰਦੀ ਕਰਕੇ 22 ਦੇ ਕਰੀਬ ਸ਼ੱਕੀ ਵਹੀਕਲ ਵੀ ਜਬਤ ਕੀਤੇ ਗਏ।
ਐਸ.ਐਸ.ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਆਮ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਕਿਸੇ ਵੀ ਸ਼ੱਕੀ ਸਰਗਰਮੀ ਦੀ ਸੂਚਨਾ ਫੌਰੀ ਤੌਰ ’ਤੇ ਪੁਲਿਸ ਨੂੰ ਦੇਣ ਲਈ ਵੀ ਕਿਹਾ ਗਿਆ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਨੂੰ ਵਾਪਰਨੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੂਰੀ ਵਚਨਬੱਧ ਹੈ ਅਤੇ ਇਹ ਆਪਰੇਸ਼ਨ ਭੈੜੇ ਅਨਸਰਾਂ ਨੂੰ ਨੱਥ ਪਾਉਣ ਲਈ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਪੁਲਿਸ ਟੀਮਾਂ ਵਲੋਂ ਵੱਖ-ਵੱਖ ਇਲਾਕਿਆਂ, ਭੀੜ-ਭਾੜ ਵਾਲੀਆਂ ਥਾਵਾਂ, ਬੱਸ ਸਟੈਂਡ ਆਦਿ ’ਤੇ ਪੁਲਿਸ ਟੀਮਾਂ ਤਾਇਨਾਤ ਕਰਕੇ ਤਲਾਸ਼ੀ ਮੁਹਿੰਮ ਅਮਲ ਵਿਚ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਜ਼ਿਲ੍ਹਾ ਪੁਲਿਸ ਵਲੋਂ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।











