
ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀਆਂ ਚਾਰ ਵਿਧਾਨਸਭਾ ਸੀਟਾਂ ਤੇ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿੱਚ 13 ਨਵੰਬਰ ਨੂੰ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ ਦੇ 23 ਨਵੰਬਰ ਨੂੰ ਨਤੀਜੇ ਆਉਣਗੇ। ਜਿਨ੍ਹਾਂ ਚਾਰਾਂ ਸੀਟਾਂ ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ।

ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਦਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਹਨ।











