ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾਂ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹੁਕਮ ਅਨੁਸਾਰ ਜ਼ਿਲ੍ਹੇ ਵਿਚ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜ਼ੀ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰੱਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਖਿਆਂ/ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ’ਤੇ ਪੂਰਨ ਪਾਬੰਦੀ ਹੋਵੇਗੀ।