
ਡੇਰਾ ਬਾਬਾ ਨਾਨਕ (ਦ ਸਟੈਲਰ ਨਿਊਜ਼)। ਡੇਰਾ ਬਾਬਾ ਨਾਨਕ ਸੀਟ ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਈਸੀਆਈ ਦੇ ਹੁਕਮਾਂ ਅਨੁਸਾਰ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਨੂੰ ਉਨ੍ਹਾਂ ਦੀਆਂ ਮੌਜੂਦਾਂ ਡਿਊਟੀਆਂ ਤੋਂ ਤੁਰੰਤ ਮੁਕਤ ਕੀਤਾ ਗਿਆ ਹੈ ਤੇ ਉਹਨਾਂ ਦੀ ਥਾਂ ਤੇ ਨਵਾਂ ਡੀਐਸਪੀ ਨਿਯੁਕਤ ਕਰਨ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਮੰਗਿਆ ਹੈ। ਜਾਣਕਾਰੀ ਮੁਤਾਬਕ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਵੀ ਲਿਖਿਆ ਹੈ ਤੇ ਜੱਗੂ ਭਗਵਾਨਪੁਰੀਆ ਤੇ ਤਿੱਖੀ ਨਜ਼ਰ ਰੱਖਣ ਦੀ ਬੇਨਤੀ ਕੀਤੀ ਹੈ। ਮੁਲਜ਼ਮਾਂ ਦੇ ਆਸ-ਪਾਸ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ।

ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਦੇ ਪਤੀ ਸੁਖਜਿੰਦਰ ਰੰਧਾਵਾ ਨੇ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਉਸਦਾ ਇਲਜ਼ਾਮ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਉਹਨਾਂ ਨੇ ਸਥਾਨਕ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ। ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਰੋਪ ਲਗਾਇਆ ਹੈ ਕਿ ਉਨ੍ਹਾਂ ਨੇ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਹੋਈ ਹੈ।











