
ਚੰਡੀਗੜ੍ਹ (ਦ ਸਟੈਲਰ ਨਿਊਜ਼)। ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਨੇ 6 ਦਸੰਬਰ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਕਿਸਾਨ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ 6 ਦਸੰਬਰ ਨੂੰ ਕੂਚ ਕਰਨਗੇ। ਉਨ੍ਹਾਂ ਕਿਹਾ ਕਿ 18 ਫਰਵਰੀ ਤੋਂ ਬਾਅਦ ਮੰਗਾਂ ਮੰਨਣ ਨੂੰ ਲੈ ਕੇ ਕਿਸਾਨਾਂ ਨਾਲ ਸਰਕਾਰ ਵੱਲੋਂ ਕੋਈ ਗੱਲਬਾਤ ਨਹੀਂ ਕੀਤੀ ਗਈ, ਜਿਸ ਕਾਰਨ ਹੁਣ ਇਹ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ 6 ਦਸੰਬਰ ਨੂੰ ਦਿੱਲੀ ਵੱਲ ਚਾਲੇ ਪਾਏ ਜਾਣਗੇ। ਇਸ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ਤੇ ਬੈਠਣਗੇ, ਕਿਉਂਕਿ 9 ਮਹੀਨੇ ਤੋਂ ਕਿਸਾਨ ਸ਼ਾਂਤਮਈ ਧਰਨਾ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ 18 ਫਰਵਰੀ ਤੋਂ ਬਾਅਦ ਨਾ ਹੀ ਕੋਈ ਗੱਲਬਾਤ ਕੀਤੀ ਗਈ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੌਰਾਨ, ਜੇ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਤਾਂ ਡੱਲੇਵਾਲ ਦੀ ਮ੍ਰਿਤਕ ਦੇਹ ਧਰਨੇ ਵਾਲੀ ਥਾਂ ‘ਤੇ ਰੱਖ ਕੇ ਹੀ ਸੰਘਰਸ਼ ਜਾਰੀ ਰਖਿਆ ਜਾਵੇਗਾ। ਉਪਰੰਤ, ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਤੋਂ ਬਾਅਦ ਵੀ ਜੇ ਸਰਕਾਰ ਨਹੀਂ ਸੁਣਦੀ ਤਾਂ ਦਿੱਲੀ ਕੂਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਦਿੱਲੀ ਕੂਚ ਵੱਡੇ ਲੀਡਰਾਂ ਦੀ ਅਗਵਾਈ ਵਿੱਚ ਜਥਿਆਂ ਦੇ ਰੂਪ ਵਿੱਚ ਹੋਵੇਗਾ।











