Wednesday, October 21, 2026
Home Latest 3 ਦਸੰਬਰ ਨੂੰ ਬਟਾਲਾ ਵਿਖੇ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ...

3 ਦਸੰਬਰ ਨੂੰ ਬਟਾਲਾ ਵਿਖੇ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਜਾਵੇਗੀ ਸਹੁੰ

ਬਟਾਲਾ/ਗੁਰਦਾਸਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਨੂੰ ਸਵੇਰੇ 10:00 ਬਟਾਲਾ ਦੀ ਦਾਣਾ ਮੰਡੀ ਵਿਖੇ ਹੋ ਰਿਹਾ ਹੈ। ਇਸ ਸਹੁੰ ਚੁੱਕ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ‘ਚ ਨਵੇਂ ਚੁਣੇ ਗਏ ਸਰਪੰਚ ਤੇ ਪੰਚ ਸਾਹਿਬਾਨ ਨੂੰ ਸਹੁੰ ਚੁਕਾਉਣ ਦੀ ਰਸਮ ਨਿਭਾਈ ਜਾਵੇਗੀ। ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਬਟਾਲਾ ਜਨਾਬ ਸੁਹੇਲ ਕਾਸਮ ਮੀਰ ਵੱਲੋਂ ਬਟਾਲਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ, ਡੀ.ਡੀ.ਪੀ.ਓ. ਸ. ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Advertisements

ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 11 ਬਲਾਕਾਂ ਦੀਆਂ ਕੁੱਲ 1285 ਪੰਚਾਇਤਾਂ ਹਨ ਜਿਨ੍ਹਾਂ ਵਿੱਚ 1267 ਸਰਪੰਚ ਅਤੇ 7208 ਪੰਚ ਚੁਣੇ ਗਏ ਹਨ, ਜਿਨ੍ਹਾਂ ਦੀ ਕੁੱਲ ਗਿਣਤੀ 8475 ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਨਵੇਂ ਚੁਣੇ ਗਏ ਸਰਪੰਚ ਤੇ ਪੰਚ ਸਾਹਿਬਾਨ ਨੂੰ ਸੂਬਾ ਸਰਕਾਰ ਦੇ ਕੈਬਨਿਟ ਵਜ਼ੀਰ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਹੁੰ ਚੁੱਕ ਸਮਾਗਮ ਵਿੱਚ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਆਗੂ ਭਾਗ ਲੈਣਗੇ। ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ 3 ਦਸੰਬਰ ਨੂੰ ਠੀਕ ਸਵੇਰੇ 10:00 ਵਜੇ ਸ਼ੁਰੂ ਹੋ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਸਮੂਹ ਸਰਪੰਚ ਤੇ ਪੰਚ ਸਾਹਿਬਾਨ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਇਸ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋ ਕੇ ਆਪਣੀ ਨਵੀਂ ਜ਼ਿੰਮੇਵਾਰੀ ਦਾ ਹਲਫ਼ ਲੈਣ।

LEAVE A REPLY

Please enter your comment!
Please enter your name here