
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੰਜਾਬ ਵਿੱਚ ਵੱਡੇ ਪੱਧਰ ਤੇ ਹੋ ਰਹੀਆਂ ਗਊ ਹੱਤਿਆਵਾਂ ਖਿਲਾਫ ਹਿੰਦੂ ਸਮਾਜ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦੇ ਹੋਏ ਸ਼ਿਵ ਸੈਨਾ ਉਧਵ ਬਾਲਾ ਸਾਹਿਬ ਠਾਕਰੇ ਦੇ ਸੂਬਾ ਬੁਲਾਰੇ ਓਮਕਾਰ ਕਾਲੀਆ ਅਤੇ ਸੀਨੀਅਰ ਸੂਬਾ ਮੀਤ ਪ੍ਰਧਾਨ ਰਜਿੰਦਰ ਬਿੱਲਾ ਨੇ ਫਗਵਾੜਾ ਵਿੱਚ 22 ਗਊਆਂ ਦੇ ਕਤਲ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਇਸ ਤਰ੍ਹਾਂ ਦੇ ਨਿੰਦਣਯੋਗ ਹਰਕਤਾਂ ਕਰਕੇ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗਊ ਹੱਤਿਆ ਕਾਰਨ ਸਮੁੱਚੇ ਹਿੰਦੂ ਸਮਾਜ ਵਿੱਚ ਰੋਸ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕੱਸ ਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਦੁਬਾਰਾ ਤੋਂ ਕੋਈ ਵੀ ਅਜਿਹਾ ਪਾਪ ਕਰਨ ਦੀ ਹਿੰਮਤ ਨਾ ਕਰ ਸਕੇ।ਇਸ ਮੌਕੇ ਤੇ ਕਾਲੀਆ ਨੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਸਮੇਤ ਗ੍ਰਿਫਤਾਰੀ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਲੋਕ ਗਊ ਨੂੰ ਮਾਤਾ ਕਹਿ ਕੇ ਪੂਜਦੇ ਹਨ। ਗਊ ਹੱਤਿਆ ਇੱਕ ਕਾਨੂੰਨੀ ਅਪਰਾਧ ਹੈ। ਗਊ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ,ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਟਨਾ ਨਾ ਕਰੇ।ਉਨ੍ਹਾਂਨੇ ਕਿਹਾ ਕਿ ਪੂਰੇ ਦੇਸ਼ ਵਿੱਚ ਗਊ ਹੱਤਿਆ ‘ਤੇ ਪੂਰਨ ਤੌਰ ਤੇ ਪਾਬੰਦੀ ਅਤੇ ਬੀਫ ਤੇ ਰੋਕ ਲਗਾਉਣ ਲਈ ਕੇਂਦਰ ਸਰਕਾਰ ਰਾਸ਼ਟਰੀ ਨੀਤੀ ਦਾ ਐਲਾਨ ਕਰੇ। ਕਾਲੀਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਗਊ ਹੱਤਿਆ ਅਤੇ ਬੀਫ ਤੇ ਮੁਕੰਮਲ ਪਾਬੰਦੀ ਲਗਾਉਣੀ ਚਾਹੀਦੀ ਹੈ।ਕਾਲੀਆ ਨੇ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਤੋਂ ਆਰੋਪੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਭਰੋਸਾ ਪ੍ਰਗਟਾਇਆ ਕਿ ਐੱਸਐੱਸਪੀ ਕਪੂਰਥਲਾ ਵੱਲੋਂ ਅਪਰਾਧੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਗਊ ਮਾਤਾ ਦੇ ਹਥਿਆਰਾਂ ਨੂੰ ਵੀ ਜਲਦੀ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।












