
ਚੰਡੀਗੜ੍ਹ (ਦ ਸਟੈਲਰ ਨਿਊਜ਼)। ਆਪਣੀਆਂ ਮੰਗਾਂ ਮੰਨਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਇਸ ਤੋਂ ਇਲਾਵਾ 22 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਡੱਲੇਵਾਲ ਐਮਐਸਪੀ ਕਾਨੂੰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਤੇ ਹਨ। ਲਗਾਤਾਰ 22ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ ਹੈ। ਪਰ ਸਰੀਰ ਵਿੱਚ ਪਾਣੀ ਦੀ ਕਮੀ ਹੋਣ ਕਾਰਨ ਉਨ੍ਹਾਂ ਦੀ ਸਿਹਤ ਇਸ ਸਮੇਂ ਬਿਲਕੁੱਲ ਵੀ ਠੀਕ ਨਹੀਂ ਹੈ।

ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਦੀ ਲੋੜ ਹੈ ਅਤੇ ਅਜਿਹਾ ਨਾ ਹੋਣ ਤੇ ਉਨ੍ਹਾਂ ਨੇ ਸਾਈਲੈਂਟ ਅਟੈਕ ਦਾ ਵੀ ਖਦਸ਼ਾ ਜਤਾਇਆ ਹੈ। 18 ਦਸੰਬਰ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿੱਚ ਦੁਪਹਿਰ 12 ਵਜੇ ਤੋਂ ਤਿੰਨ ਘੰਟੇ ਲਈ ‘ਰੇਲ ਰੋਕੋ’ ਅੰਦੋਲਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।












