
ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੀ ਉਪ-ਚੋਣ ਦੇ ਅਮਲ ਨੂੰ ਨਿਰਪੱਖ,ਪਾਰਦਰਸ਼ੀ ਅਤੇ ਸਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ.ਪੱਲਵੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਐਸ.ਡੀ.ਐਮ.ਮਾਲੇਰਕੋਟਲਾ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ,ਡੀ.ਐਸ.ਪੀ. ਰਣਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਚੋਣ ਦੀ ਸਮੁੱਚੀ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ, ਸੁਚਾਰੂ, ਨਿਰਵਿਘਨ ਅਤੇ ਆਜ਼ਾਦਾਨਾ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅੱਜ ਦਫ਼ਤਰ ਐਸ.ਡੀ.ਐਮ. ਵਿਖੇ ਚੋਣ ਅਮਲੇ ਨੂੰ ਰਿਹਰਸਲ ਕਰਵਾਈ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਵੋਟਿੰਗ ਲਈ ਈ.ਵੀ.ਐਮਜ਼. ਦੀ ਵਰਤੋਂ ਕੀਤੀ ਜਾਵੇਗੀ। ਵੋਟਾਂ 21 ਦਸੰਬਰ 2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼.ਜ਼ਰੀਏ ਪੈਣਗੀਆਂ। ਪੋਲਿੰਗ ਪਾਰਟੀਆਂ ਨੂੰ 20 ਦਸੰਬਰ ਨੂੰ ਨਿਰਧਾਰਤ ਕੀਤੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕੀਤਾ ਜਾਵੇਗਾ। ਵਾਰਡ ਨੰਬਰ 18 ਵਿੱਚ 2768 ਵੋਟਰ ਹਨ, ਜਿਨ੍ਹਾਂ ਵਿੱਚ 1429 ਪੁਰਸ਼ ਵੋਟਰ ਤੇ 1339 ਮਹਿਲਾ ਵੋਟਰ ਹਨ।

ਵੋਟਰਾਂ ਦੀ ਸਹੂਲਤ ਲਈ ਤਿੰਨ ਪੋਲਿੰਗ ਸਟੇਸਨ ਸਥਾਨਕ ਐਸ.ਏ.ਜੈਨ ਹਾਈ ਸਕੂਲ (ਲੜਕੇ) ਵਿਖੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਉਪ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਾਨੂੰ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਪੁਲਿਸ ਪ੍ਰਸਾਸ਼ਨ ਨੂੰ ਹਦਾਇਤ ਕੀਤੀ ਕਿ ਬੂਥ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਐਸ.ਡੀ.ਐਮ. ਨੂੰ ਹਦਾਇਤ ਕੀਤੀ ਕਿ ਪੋਲਿੰਗ ਸਟਾਫ ਲਈ ਪੁਖੱਤਾ ਪ੍ਰਬੰਧ ਕੀਤੇ ਜਾਣ । ਪੋਲਿੰਗ ਬੂਥਾਂ ਦੀ ਸਾਫ ਸਫਾਈ ਦਾ ਵਿਸੇ਼ਸ ਧਿਆਨ ਰੱਖਿਆ ਜਾਵੇ। ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ । ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੀਡਿਓ ਗ੍ਰਾਫੀ ਕਰਵਾਈ ਜਾਵੇ। ਡੀ.ਐਸ.ਪੀ. ਰਣਜੀਤ ਸਿੰਘ ਨੇ ਕਿਹਾ ਕਿ ਉਪ ਚੋਣ ਨੂੰ ਅਮਨ-ਸ਼ਾਂਤੀ ਪੂਰਵਕ ਤਰੀਕੇ ਨਾਲ ਨੇਪੜੇ ਚਾੜਨ ਲਈ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਵਿੱਚ 6 ਨਾਕੇ ਲਗਾਏ ਗਏ ਹਨ। ਇਸ ਤੋਂ ਇਲਾਵਾ 24 ਘੰਟੇ ਪੁਲਿਸ ਪਾਰਟੀ ਵਲੋਂ ਲਗਾਤਾਰ ਗਸਤ ਕੀਤੇ ਜਾ ਰਹੇ ਹਨ ਅਤੇ ਸੰਵੇਦਨਸ਼ੀਲ ਥਾਵਾਂ ਦੀ ਲਗਾਤਾਰ ਚੈਕਿੰਗ ਅਤੇ ਵਿਸ਼ੇਸ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਅਣਸੁਖਾਵੀ ਦੁਰਘਟਨਾਂ ਹੋਣ ਤੋਂ ਰੋਕਿਆ ਜਾ ਸਕੇ।











