
ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਫ਼ਿਰੋਜ਼ਪੁਰ ਦੇ ਪਿੰਡ ਗਿੱਲ ਨਜ਼ਦੀਕ ਧੀ ਦੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਮਾਪਿਆਂ ਨਾਲ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਨੇ ਘਰ ਵਿੱਚ ਧੀ ਦਾ ਵਿਆਹ ਰੱਖਿਆ ਹੋਇਆ ਸੀ ਤੇ ਉਹ ਆਪਣੇ ਸਾਕ-ਸਬੰਧੀਆਂ ਨੂੰ ਕਾਰਡ ਵੰਡਣ ਜਾ ਰਹੇ ਸਨ ਤਾਂ ਜਦੋਂ ਉਹ ਪਿੰਡ ਗਿੱਲ ਨਜ਼ਦੀਕ ਪਹੁੰਚੇ ਤਾਂ ਗ਼ਲਤ ਸਾਈਡ ਤੋਂ ਆ ਰਹੀ ਇੱਕ ਕਾਰ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਕੁ ਭਿਆਨਕ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਤੇ ਕਾਰ ਮੋਟਰਸਾਈਕਲ ਸਵਾਰਾਂ ਨੂੰ ਦਰੜਦੀ ਹੋਈ ਖੇਤਾਂ ਵਿੱਚ ਲੱਗੇ ਇੱਕ ਦਰੱਖ਼ਤ ਵਿੱਚ ਜਾ ਵੱਜੀ। ਇਸ ਦੌਰਾਨ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਤੇ ਹਾਦਸੇ ਦੌਰਾਨ 3 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮੌਕੇ ਕੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।











