
ਚੰਡੀਗੜ੍ਹ (ਦ ਸਟੈਲਰ ਨਿਊਜ਼)। ਈਡੀ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਈਡੀ ਨੇ ਵਿਧਾਇਕ ਖਹਿਰਾ ਦੀ ਚੰਡੀਗੜ੍ਹ ਵਾਲੀ ਕੋਠੀ ਅਟੈਚ ਕੀਤੀ ਹੈ। ਇਸ ਕੋਠੀ ਦੀ ਕੀਮਤ 3 ਕਰੋੜ 82 ਲੱਖ ਰੁਪਏ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਨਸ਼ਾ ਤਸਕਰ ਨਾਲ ਲੈਣ-ਦੇਣ ਨੂੰ ਲੈ ਕੇ ਕੀਤੀ ਗਈ ਹੈ। ਇਸ ਦੇ ਨਾਲ ਹੀ ਦੂਸਰੇ ਪਾਸੇ ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਕਾਰਵਾਈ ਨੂੰ ਗਲਤ ਠਹਿਰਾਇਆ ਹੈ।


ਉਨ੍ਹਾਂ ਨੇ ਲਿਖਿਆ ਹੈ ਕਿ ਮੈਨੂੰ ਮੀਡੀਆ ਰਾਹੀਂ ਹੁਣੇ ਪਤਾ ਲੱਗਾ ਹੈ ਕਿ ED ਨੇ ਮੇਰੀ ਚੰਡੀਗੜ੍ਹ ਰਿਹਾਇਸ਼ ਨੂੰ ਅਟੈਚ ਕਰ ਲਿਆ ਹੈ। ਜਿਸ ਬਾਰੇ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਨੂੰ ਇਸ ਬਾਰੇ ED ਜਾਂ ਕਿਸੇ ਹੋਰ ਸਰਕਾਰੀ ਸਰੋਤ ਤੋਂ ਕੋਈ ਨੋਟਿਸ ਨਹੀਂ ਮਿਲਿਆ ਹੈ। ਜੇਕਰ ਖਬਰ ਸਹੀ ਵੀ ਹੈ ਤਾਂ ਮੀਡੀਆ ਨੂੰ ਖਬਰਾਂ ਜਾਰੀ ਕਰਨ ਦੀ ਬਜਾਏ ਮੈਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਸੀ।













