
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਖੰਡਵਾਲਾ ਦੇ ਮੰਦਰ ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਮੁਲਜ਼ਮਾਂ ਦੀ ਪੁਲਿਸ ਨਾਲ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 1 ਮੁਲਜ਼ਮ ਦੀ ਮੌਤ ਹੋ ਗਈ ਤੇ 1 ਫਰਾਰ ਹੋ ਗਿਆ। ਮ੍ਰਿਤਕ ਦੀ ਪਹਿਚਾਣ ਗੁਰਸਿਦਕ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਰਾਜਾਸਾਂਸੀ ਇਲਾਕੇ ਵਿੱਚ ਘੁੰਮ ਰਹੇ ਹਨ। ਜਿਸਤੋਂ ਬਾਅਦ ਪੁਲਿਸ ਨੇ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਨਾਕੇਬੰਦੀ ਕੀਤੀ ਤਾਂ ਇਸ ਦੌਰਾਨ ਪੁਲਿਸ ਨੇ ਉਹਨਾਂ ਦਾ ਮੋਟਰਸਾਈਕਲ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੌਰਾਨ ਉਹਨਾਂ ਨੇ ਪੁਲਿਸ ਪਾਰਟੀ ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ।

ਗੋਲੀਬਾਰੀ ਦੌਰਾਨ 1 ਗੋਲੀ ਕਾਂਸਟੇਬਲ ਗੁਰਪ੍ਰੀਤ ਸਿੰਘ ਤੇ 1 ਗੋਲੀ ਇੰਸਪੈਕਟਰ ਅਮੋਲਕ ਸਿੰਘ ਦੇ ਲੱਗ ਗਈ। ਜਦੋਂ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ ਤਾਂ 1 ਗੋਲੀ ਮੁਲਜ਼ਮ ਗੁਰਸਿਦਕ ਦੇ ਲੱਗ ਗਈ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ ਜਦਕਿ ਦੂਜਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।











