
ਚੰਡੀਗੜ੍ਹ (ਦ ਸਟੈਲਰ ਨਿਊਜ਼)। ਕੇਂਦਰ ਸਰਕਾਰ ਨੇ ਮੰਗਾਂ ਤੇ ਗੱਲਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਲੰਮੇ ਸਮੇਂ ਤੋਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ 19 ਮਾਰਚ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਮਿਲਿਆ ਹੈ। ਕੇਂਦਰ ਸਰਕਾਰ ਦੇ ਖੇਤੀ ਮੰਤਰਾਲੇ ਵੱਲੋਂ ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਵਿਖੇ ਰੱਖੀ ਗਈ ਹੈ, ਜਿਸ ਵਿੱਚ ਕਿਸਾਨਾਂ ਨੂੰ 11 ਵਜੇ ਪਹੁੰਚਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਪਿਛਲੀ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਹੋ ਸਕਿਆ ਸੀ।


22 ਫਰਵਰੀ ਨੂੰ 6ਵੇਂ ਗੇੜ ਦੀ ਮੀਟਿੰਗ ਵਿੱਚ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਗੱਲਬਾਤ ਲਈ ਆਏ ਸਨ। ਇਹ ਮੀਟਿੰਗ ਤਕਰੀਬਨ 3 ਘੰਟੇ ਚੱਲੀ ਸੀ, ਪਰ ਕੋਈ ਗੱਲ ਨਹੀਂ ਬਣੀ ਸੀ। ਕਿਸਾਨ ਆਗੂ ਸਰਵਣ ਪੰਧੇਰ ਨੇ ਸੱਦੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਦੀ ਚਿੱਠੀ ਵਿੱਚ ਪਹਿਲਾਂ ਮਿਲੇ ਸੱਦੇ ਤਹਿਤ ਸਿਰਫ਼ ਸਮਾਂ ਤਬਦੀਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ (ਗ਼ੈਰ ਸਿਆਸੀ) ਤੇ ਕਿਸਾਨ ਮਜਦੂਰ ਮੋਰਚਾ ਨੂੰ ਮੀਟਿੰਗ ਬਾਰੇ ਚਿੱਠੀ ਰਾਹੀਂ ਸੂਚਿਤ ਕੀਤਾ ਗਿਆ ਹੈ।












