
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਬੁੱਘੇ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਇਸ ਲੜਾਈ ਵਿੱਚ 2 ਹੋਰ ਨੌਜਵਾਨ ਵੀ ਜਖਮੀ ਹੋ ਗਏ ਹਨ। ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਰੈਫਰ ਕੀਤਾ ਗਿਆ ਹੈ। ਮ੍ਰਿਤਕ ਜਸ਼ਨਦੀਪ ਸਿੰਘ ਦੇ ਭਰਾ ਨੇ ਦੱਸਿਆ ਕਿ ਉਸਦਾ ਭਰਾ ਪਿੰਡ ਬੁੱਘੇ ਵਿੱਚ ਜਦੋਂ ਘਰ ਬਾਹਰ ਆਇਆ ਤਾਂ ਕੁੱਝ ਅਣਪਛਾਤੇ ਨੌਜਵਾਨਾਂ ਨੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਉਸਦੇ ਭਰਾ ਦੀ ਮੌਤ ਹੋ ਗਈ।

ਉਹਨਾਂ ਦੱਸਿਆ ਕਿ ਲੜਾਈ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ, ਜ਼ਖਮੀ ਹਰਪ੍ਰੀਤ ਸਿੰਘ ਦੇ ਪਿਤਾ ਤਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ, ਲੜਾਈ ਵਿੱਚ ਜ਼ਖ਼ਮੀ ਹੋਇਆ ਹੈ, ਉਸ ਦੇ ਸਿਰ ਮੂੰਹ ਉੱਤੇ ਜ਼ਿਆਦਾ ਸੱਟਾਂ ਲੱਗੀਆਂ ਹਨ। ਉਸ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ। ਲੜਾਈ ਕਿਸ ਗੱਲ ਦੀ ਸੀ ਜਾਂ ਕੀ ਮਾਮਲਾ ਸੀ, ਇਸ ਬਾਰੇ ਕੁੱਝ ਨਹੀਂ ਪਤਾ। ਹਮਲਾ ਕਰਨ ਵਾਲੇ ਵੀ ਅਣਪਛਾਤੇ ਸਨ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਸੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












