
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਖੇਤੀਬਾੜੀ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਡਾ. ਬਲਬੀਰ ਚੰਦ ਨੂੰ ਪੰਜਾਬ ਸਰਕਾਰ ਵੱਲੋਂ ਕੇਨ ਕਮਿਸ਼ਨਰ ਪੰਜਾਬ ਨਿਯੁਕਤ ਕੀਤਾ ਗਿਆ ਹੈ। ਡਾ. ਬਲਬੀਰ ਚੰਦ ਵੱਲੋਂ ਕੇਨ ਕਮਿਸ਼ਨਰ ਦਾ ਅਹੁਦਾ ਸੰਭਾਲਦੇ ਹੋਏ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਗਿਆ ਹੈ। ਡਾ. ਬਲਬੀਰ ਚੰਦ ਜੋ ਕਿ ਵੱਖ ਵੱਖ ਜਿਲਿਆਂ ’ਚ ਬਤੌਰ ਮੁੱਖ ਖੇਤੀਬਾੜੀ ਅਫਸਰ ਵਧੀਆ ਕਾਰਗੁਜਾਰੀ ਨਿਭਾਅ ਚੁਕੇ ਹਨ ਤੇ ਉਨ੍ਹਾਂ ਵੱਲੋਂ ਸਮੇਂ ਸਮੇਂ ’ਤੇ ਕਿਸਾਨ ਭਲਾਈ ਦੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਉਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਰਿਹਾ ਹੈ। ਸਾਲ 1990 ’ਚ ਬਤੌਰ ਖੇਤੀਬਾੜੀ ਵਿਕਾਸ ਅਫਸਰ ਵੱਜੋਂ ਖੇਤੀਬਾੜੀ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰਨ ਵਾਲੇ ਡਾ. ਬਲਬੀਰ ਚੰਦ ਨੂੰ ਬੀਤੇ ਦਿਨੀਂ ਹੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਨੂੰ ਦੇਖਦੇ ਹੋਏ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਨਿਯੁਕਤ ਕੀਤਾ ਗਿਆ ਅਤੇ ਹੁਣ ਉਨ੍ਹਾਂ ਨੂੰ ਕੇਨ ਕਮਿਸ਼ਨਰ ਪੰਜਾਬ ਦੇ ਅਹੁਦੇ ਦੀ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ।

ਆਪਣਾ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਡਾ. ਬਲਬੀਰ ਚੰਦ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਮੇਂ ਸਮੇਂ ’ਤੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਵਧੀਆ ਕਿਸਮਾਂ ਦੀ ਬਿਜਾਈ ਕਰਦੇ ਹੋਏ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜਿਲੇ ਦੇ ਗੰਨਾ ਸੈਕਸ਼ਨ ਨਾਲ ਸੰਪਰਕ ਕਰ ਸਕਦਾ ਹੈ।











