
ਮੋਗਾ (ਦ ਸਟੈਲਰ ਨਿਊਜ਼)। ਬੀਤੀ 23 ਅਪ੍ਰੈਲ ਨੂੰ ਮੋਗਾ ਦੇ ਮਹਿਮੇ ਵਾਲਾ ਰੋਡ ‘ਤੇ ਕਣਕ ਦੇ ਨਾੜ ਨੂੰ ਭਿਆਨਕ ਅੱਗ ਲੱਗ ਗਈ ਸੀ। ਜਿਸ ਤੋਂ ਬਾਅਦ ਮੌਕੇ ‘ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਦੌਰਾਨ ਇੱਕ ਫਾਇਰਮੈਨ ਗਗਨਦੀਪ ਸਿੰਘ ਵੀ ਅੱਗ ਦੀ ਚਪੇਟ ਵਿੱਚ ਆ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਦੇਖਿਆ ਹੋਇਆ ਡਾਕਟਰਾਂ ਨੇ ਉਸਨੂੰ ਡੀਐਮਸੀ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ। ਜਿਸਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਇਸ ਮੌਕੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਫਾਇਰ ਬ੍ਰਿਗੇਡ ਇਕ ਐਮਰਜੈਂਸੀ ਸੇਵਾ ਹੈ। ਪਰ ਇਸ ਵਿਚ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਜਾਂ ਜ਼ਖਮੀ ਹੋਣ ਵਾਲੇ ਕਰਮਚਾਰੀਆਂ ਦੀ ਕੋਈ ਸਾਰ ਨਹੀਂ ਲੈਂਦਾ। ਉਹਨਾਂ ਕਿਹਾ ਕਿ ਫਾਇਰ ਬ੍ਰਗੇਡ ਵਿੱਚ ਡਿਊਟੀ ਕਰਨ ਵਾਲੇ ਕਰਮਚਾਰੀਆਂ ਨੂੰ ਉਹਨਾਂ ਦਾ ਬਣਦਾ ਹੱਕ ਦਿੱਤਾ ਜਾਵੇ।

ਅਧਿਕਾਰੀਆਂ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਪੁਲਿਸ ਅਤੇ ਦਿੱਲੀ ਫਾਇਰ ਸਰਵਿਸ ਦੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਬਦਲੇ ਇਕ ਕਰੋੜ ਰੁਪਏ ਦੀ ਨਗਦ ਰਾਸ਼ੀ ਅਤੇ ਸ਼ਹੀਦ ਦਾ ਦਰਜਾ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ, ਉਸ ਤਰ੍ਹਾਂ ਪੰਜਾਬ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਵੀ ਇਹ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਮੰਗ ਕੀਤੀ ਕਿ ਗਗਨਦੀਪ ਸਿੰਘ ਫਾਇਰਮੈਨ ਫਾਇਰ ਸਟੇਸ਼ਨ ਮੋਗਾ ਨੂੰ ਵੀ ਉਸ ਦਾ ਬਣਦਾ ਸਨਮਾਨ ਦਿੱਤਾ ਜਾਵੇ ਅਤੇ ਫਾਇਰ ਬ੍ਰਿਗੇਡ ਵਿੱਚ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਸਮੂਹ ਕਰਮਚਾਰੀਆਂ ਨੂੰ ਇਕ ਕਰੋੜ ਰੁਪਏ ਦੀ ਨਗਦ ਰਾਸ਼ੀ ਅਤੇ ਸ਼ਹੀਦ ਦਾ ਦਰਜਾ ਦਿੱਤਾ ਜਾਵੇ।











