
ਮੁਹਾਲੀ (ਦ ਸਟੈਲਰ ਨਿਊਜ਼)। ਮੁਹਾਲੀ ਦੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੱਤ ਦਿਨ ਦੀ ਰਿਮਾਂਡ ਤੇ ਭੇਜ ਦਿੱਤਾ ਹੈ। ਵਿਜੀਲੈਂਸ ਵੱਲੋਂ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕਰਕੇ 12 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਸੱਤ ਦਿਨ ਦਾ ਰਿਮਾਂਡ ਦਿੱਤਾ ਹੈ।

ਇਸ ਤੋਂ ਪਹਿਲਾਂ ਮਜੀਠੀਆ ਦੀ ਕੋਰਟ ਵਿਚ ਪੇਸ਼ੀ ਦੇ ਮੱਦੇਨਜ਼ਰ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਬੀਤੇ ਦਿਨ ਮਜੀਠੀਆ ਨੂੰ ਹਿਰਾਸਤ ਵਿਚ ਲੈਣ ਮਗਰੋਂ ਇੱਥੇ ਵਿਜੀਲੈਂਸ ਬਿਊਰੋ ਦੇ ਫੇਜ਼-8 ਵਿਚਲੇ ਮੁੱਖ ਦਫ਼ਤਰ ਵਿਖੇ ਲਿਆਂਦਾ ਗਿਆ ਸੀ। ਪੁੱਛ-ਗਿੱਛ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।
ਇਸ ਦੇ ਨਾਲ ਹੀ ਅਕਾਲੀ ਆਗੂ ਦਲਜੀਤ ਚੀਮਾ ਨੂੰ ਵੀ ਅਦਾਲਤ ਤੋਂ ਬਾਹਰ ਨਹੀਂ ਰਹਿਣ ਦਿੱਤਾ ਗਿਆ। ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।












