
ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਿੱਲ-2025 ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਤੇ ਸਮਾਜ ਵਿੱਚ ਬੈਚੇਨੀ ਦੀ ਸਥਿਤੀ ਵੀ ਉਤਪੰਨ ਹੋਈ। ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 298, 299 ਤੇ 300 ਅਜਿਹੇ ਮਾਮਲਿਆਂ ਨੂੰ ਨਜਿੱਠਣ ਸਮੇਂ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾਵਾਂ ਨੂੰ ਤਜਵੀਜ਼ਤ ਨਹੀਂ ਕਰਦੀਆਂ।

ਇਸ ਬਿੱਲ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ਼ ਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਆਰੋਪੀਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਕਾਨੂੰਨ ਦੇ ਲਾਗੂ ਹੋ ਜਾਣ ਨਾਲ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤਾਕਤ ਮਿਲੇਗੀ। ਇਸ ਕਦਮ ਨਾਲ ਘਿਨਾਉਣੇ ਅਪਰਾਧ ਦੇ ਆਰੋਪੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾ ਕੇ ਸਮਾਜ ਵਿਰੋਧੀ ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਨੂੰ ਹੋਰ ਬਲ ਮਿਲੇਗਾ।











