
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੈਂਡ ਪੂਲਿੰਗ ਸਕੀਮ ਹੇਠ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਪਲਾਟ ਮਿਲਣ ਤੱਕ ਕਿਸਾਨ ਨੂੰ ਸਰਕਾਰ ਵਲੋਂ ਸਾਲਾਨਾ 1 ਲੱਖ ਰੁਪਏ ਮਿਲਣਗੇ। ਸਰਕਾਰ ਵੱਲੋਂ ਕਿਸਾਨ ਨੂੰ ਮਿਲਣ ਵਾਲੇ ਕਿਰਾਏ ਵਿੱਚ 5 ਗੁਣਾ ਵਾਧਾ ਕੀਤਾ ਗਿਆ ਹੈ। ਯੋਜਨਾ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ ‘ਤੇ ਵੀ ਕਿਸਾਨ ਨੂੰ 50 ਹਜ਼ਾਰ ਰੁਪਏ ਦਾ ਚੈਕ ਦਿੱਤਾ ਜਾਵੇਗਾ। ਕਿਸਾਨ ਨੂੰ ਮਿਲਣ ਵਾਲੇ 1 ਲੱਖ ਰੁਪਏ ਸਾਲਾਨਾ ਕਿਰਾਏ ਵਿੱਚ ਹਰ ਸਾਲ 10 ਫੀਸਦੀ ਵਾਧਾ ਕੀਤਾ ਜਾਵੇਗਾ।

ਸੀਐਮ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਲੈਂਡ ਪੂਲਿੰਗ ਬਾਰੇ ਅਫਵਾਹਾਂ ਫੈਲਾ ਰਹੀਆਂ ਹਨ। ‘ਲੈਂਡ ਪੂਲਿੰਗ ਯੋਜਨਾ’ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਪਾਲਿਸੀ ਹੈ। ਕਿਸਾਨ ਸਰਕਾਰ ਦੀ ਇਸ ਸਕੀਮ ਦੇ ਹਿੱਸੇਦਾਰ ਬਣ ਰਹੇ ਹਨ। ਪੰਜਾਬ ਦੇ ਕਿਸਾਨਾਂ ਨੂੰ ਲੈਂਡ ਪੂਲਿੰਗ ਪਾਲਿਸੀ ਪਸੰਦ ਆ ਰਹੀ ਹੈ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਰਜਿਸਟ੍ਰੇਸ਼ਨ ਨੂੰ ਰੋਕਿਆ ਨਹੀਂ ਗਿਆ ਹੈ। ਕਿਸੇ ਵੀ ਕਿਸਾਨ ਨਾਲ ਜ਼ਬਰਦਸਤੀ ਨਹੀਂ ਹੋਵੇਗੀ। ਸਾਡੀ ਕੋਸ਼ਿਸ਼ ਹੈ ਕਿ ਜ਼ਮੀਨ ਦਾ ਪੈਸਾ ਅਸਲ ਜ਼ਮੀਨ ਮਾਲਕਾਂ ਕੋਲ ਜਾਵੇ।












