
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਵਿੱਚ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਕਾਰ ਦੇ ਸ਼ੀਸ਼ੇ ਤੋੜ ਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ। ਕਾਰ ਵਿਚ ਚਾਰ ਬੱਚਿਆਂ ਤੇ ਦੋ ਮਹਿਲਾਵਾਂ ਸਮੇਤ ਅੱਠ ਵਿਅਕਤੀ ਸਵਾਰ ਸਨ। ਇਨ੍ਹਾਂ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਇਕ ਬੱਚੇ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਯੂਥ ਵੈਲਫੇਅਰ ਸੁਸਾਇਟੀ ਦੇ ਇੱਕ ਵਰਕਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਠਿੰਡਾ ਦੇ ਬਾਹਮਣ ਪੁਲ ਨੇੜੇ ਇੱਕ ਕਾਰ ਅਚਾਨਕ ਸਰਹਿੰਦ ਨਹਿਰ ਵਿੱਚ ਡਿੱਗ ਗਈ ਹੈ।

ਸੁਸਾਇਟੀ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਰਾਹਗੀਰਾਂ ਦੀ ਮਦਦ ਨਾਲ ਸਾਰਿਆਂ ਨੂੰ ਬਚਾਇਆ ਗਿਆ। ਇਸ ਦੇ ਨਾਲ ਹੀ ਡਾਕਟਰਾਂ ਨੇ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਸਿਵਲ ਹਸਪਤਾਲ ਵਿੱਚ ਐਮਰਜੈਂਸੀ ਵਿੱਚ ਤਾਇਨਾਤ ਡਾ. ਹਰਸ਼ਿਤ ਗੋਇਲ ਨੇ ਦੱਸਿਆ ਕਿ ਕੁੱਲ 8 ਜਣਿਆਂ ਜਿਨ੍ਹਾਂ ਵਿੱਚ 4 ਬੱਚੇ ਤੇ ਦੋ ਮਹਿਲਾਵਾਂ ਸ਼ਾਮਲ ਹਨ, ਨੂੰ ਲਿਆਂਦਾ ਗਿਆ ਹੈ। ਇਨ੍ਹਾਂ ਵਿਚੋਂ ਇਕ ਬੱਚੇ ਦੀ ਹਾਲਤ ਨਾਜ਼ੁਕ ਹੈ। ਪੁਲਿਸ ਵੱਲੋਂ ਜਾਂਚ ਜਾਰੀ ਹੈ।












