
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਫੈਜਪੁਰ ਪੁਲਿਸ ਚੌਕੀ ਵਿੱਚ ਇੱਕ ਨੌਜਵਾਨ ਨੂੰ ਪੁਲਿਸ ਨੇ ਨਸ਼ੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਿਸਦੀ ਜੇਲ੍ਹ ਵੀ ਹੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਤੇ ਆਰੋਪ ਲਗਾਇਆ ਹੈ। ਜਿਸ ਤੋਂ ਬਾਅਦ ਪੀੜਤ ਪਰਿਵਾਰ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਮੁਤਾਬਕ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਿਸੇ ਵੀ ਚਿੱਟੇ ਦੇ ਕਾਰੋਬਾਰ ਵਿਚ ਸ਼ਾਮਲ ਨਹੀਂ ਸੀ। ਪਰ ਪੁਲਿਸ ਜਾਣਬੁਝ ਕੇ ਉਸ ਨੂੰ ਘਰੋਂ ਚੁੱਕ ਕੇ ਲੈ ਗਈ ਅਤੇ ਉਸਦੀ ਕੁੱਟਮਾਰ ਕੀਤੀ ਗਈ। ਜਿਸ ਨਾਲ ਉਸਦੀ ਮੌਤ ਹੋ ਗਈ।

ਜਦਕਿ ਦੂਜੇ ਪਾਸੇ ਏਸੀਪੀ ਰਿਸ਼ਭ ਭੋਲਾ ਨੇ ਦੱਸਿਆ ਕਿ ਇਸ ਨੌਜਵਾਨ ਦੀ ਪੁਲਿਸ ਚੌਂਕੀ ਵਿੱਚ ਸਿਹਤ ਖਰਾਬ ਹੋਣ ਕਾਰਨ ਇਸਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਧਰਨਾ ਖਤਮ ਕੀਤਾ ਗਿਆ।












