
ਚੰਡੀਗੜ੍ਹ (ਦ ਸਟੈਲਰ ਨਿਊਜ਼)। ਭਾਖੜਾ ਅਤੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਦੋਵਾਂ ਡੈਮਾਂ ਤੋਂ ਅੱਜ ਭਾਰੀ ਮਾਤਰਾ ਵਿੱਚ ਪਾਣੀ ਛੱਡਿਆ ਜਾਵੇਗਾ। ਮੌਜੂਦਾ ਸਮੇਂ ਰਾਵੀ ਤੇ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਜਿਆਦਾ ਹੋਣ ਕਾਰਨ ਪੰਜਾਬ ਦੇ ਅੱਠ ਜ਼ਿਲ੍ਹੇ ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ ਤੇ ਕਪੂਰਥਲਾ ਵਿੱਚ ਹੜ੍ਹ ਦੇ ਪਾਣੀ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1393.36 ਫੁੱਟ ਦੇ ਕਰੀਬ ਪਹੁੰਚ ਗਿਆ ਹੈ ਜਦੋਂ ਕਿ ਡੈਮ ਵਿੱਚ ਖਤਰੇ ਦਾ ਨਿਸ਼ਾਨ 1390 ਫੁੱਟ ’ਤੇ ਹੈ। ਇਸ ਕਰਕੇ ਅੱਜ ਪੌਂਗ ਡੈਮ ਵਿੱਚੋਂ ਹੋਰ ਪਾਣੀ ਛੱਡਿਆ ਜਾਵੇਗਾ।

ਦੂਜੇ ਪਾਸੇ ਭਾਖੜਾ ਡੈਮ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਇਸ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1371 ਫੁੱਟ ਦੇ ਕਰੀਬ ਹੈ ਜਦੋਂ ਕਿ ਖਤਰੇ ਦਾ ਨਿਸ਼ਾਨ 1380 ਫੁੱਟ ’ਤੇ ਹੈ। ਇਸ ਲਈ ਅੱਜ ਇਨ੍ਹਾਂ ਦੋਵਾਂ ਡੈਮਾਂ ਵਿੱਚੋਂ ਭਾਰੀ ਮਾਤਰਾ ਵਿੱਚ ਪਾਣੀ ਛੱਡਿਆ ਜਾਵੇਗਾ। ਪ੍ਰਸ਼ਾਸਨ ਨੇ ਪਹਿਲਾਂ ਹੀ ਬਿਆਸ ਤੇ ਸਤਲੁਜ ਦਰਿਆ ਕੰਢੇ ਤੇ ਨੇੜਲੇ ਇਲਾਕਿਆਂ ਵਿੱਚ ਚੇਤਾਵਨੀ ਜਾਰੀ ਕਰ ਦਿੱਤੀ ਹੈ। ਇਸੇ ਤਰ੍ਹਾਂ ਰਣਜੀਤ ਸਾਗਰ ਡੈਮ ਵੀ ਖਤਰੇ ਦੇ ਨਿਸ਼ਾਨ ਨਜ਼ਦੀਕ ਚੱਲ ਰਿਹਾ ਹੈ ਜਿੱਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।











