
ਮਾਛੀਵਾੜਾ ਸਾਹਿਬ (ਦ ਸਟੈਲਰ ਨਿਊਜ਼)। ਪੰਜਾਬ ਵਿਚ ਭਾਰੀ ਬਰਸਾਤ ਦੇ ਕਾਰਨ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਹੈ।ਜਾਣਕਾਰੀ ਅਨੁਸਾਰ ਸਤਲੁਜ ਦਰਿਆ ਵਿਚ ਪਹਿਲਾਂ 50 ਤੋਂ 70 ਹਜ਼ਾਰ ਕਿਉਸਿਕ ਪਾਣੀ ਵਗ ਰਿਹਾ ਸੀ ਅਤੇ ਹੁਣ ਇਹ ਪਾਣੀ ਵੱਧ ਕੇ 1.25 ਲੱਖ ਕਿਉਸਿਕ ਤੱਕ ਪਹੁੰਚ ਗਿਆ ਹੈ। ਜੇਕਰ ਪਾਣੀ ਦਾ ਪੱਧਰ ਇਸੇ ਤਰ੍ਹਾਂ ਵਧਿਆ ਤਾਂ ਧੁੱਸੀ ਬੰਨ੍ਹ ਟੁੱਟਣ ਦਾ ਖ਼ਤਰਾ ਬਣ ਜਾਵੇਗਾ। ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਜਦੋਂ ਜਾਇਜ਼ਾ ਲਿਆ ਗਿਆ ਤਾਂ ਇੱਥੇ ਪਾਣੀ ਨੂੰ ਰੁਕਣ ਲਈ ਬੋਰੀਆ ਦਾ ਬੰਨ੍ਹ ਲਗਾਇਆ ਗਿਆ ਸੀ ,ਜੋ ਕਿ ਉਹ ਵਹਿ ਗਿਆ।

ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਪਹੁੰਚੇ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਿਰਦੇਸ਼ ਹਨ ਕਿ ਹੜ੍ਹਾ ਪੀੜਿਤ ਲੋਕਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕੀਤੀ ਜਾਵੇਗੀ।
ਪਰਮਜੀਤ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਬਹੁਤ ਦੁਖਦਾਇਕ ਗੱਲ ਹੈ ਕਿ ਦੇਸ਼ ਦੇ ਕਿਸੇ ਵੀ ਸੂਬੇ ਨੇ ਪੰਜਾਬ ਦੀ ਸਾਰ ਨਹੀ ਲਈ। ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ’ਤੇ ਅਕਾਲ ਪੁਰਖ ਦੀ ਮਿਹਰ ਹੈ ਕਿ ਉਹ ਹਰ ਮੁਸ਼ਕਿਲ ਘੜੀ ਵਿਚ ਇੱਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਰ ਸਥਿਤੀ ਨਾਲ ਨਜਿੱਠਣ ਲਈ ਸਮਰੱਥ ਹੁੰਦੇ ਹਨ।












