
ਪਟਿਆਲਾ (ਦ ਸਟੈਲਰ ਨਿਊਜ਼)। ਸਨੌਰ ਵਿਧਾਨਸਭਾ ਸੀਟ ਤੋਂ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ ਹਨ। ਉਹਨਾਂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਜਦੋਂ ਉਹਨਾਂ ਨੂੰ ਸਟੇਸ਼ਨ ਲੈ ਕੇ ਆ ਰਹੀ ਸੀ ਤਾਂ ਰਸਤੇ ਵਿੱਚ ਪਠਾਣਮਾਜਰਾ ਅਤੇ ਉਹਨਾਂ ਦੇ ਸਾਥੀਆਂ ਨੇ ਪੁਲਿਸ ਅਧਿਕਾਰੀਆਂ ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਠਾਨਮਾਜਰਾ ਅਤੇ ਉਨ੍ਹਾਂ ਦੇ ਸਾਥੀ ਇੱਕ ਸਕਾਰਪੀਓ ਅਤੇ ਇੱਕ ਫਾਰਚੂਨਰ ਵਿੱਚ ਭੱਜ ਗਏ, ਜਿਨ੍ਹਾਂ ਵਿੱਚੋਂ ਪੁਲਿਸ ਨੇ ਫਾਰਚੂਨਰ ਫੜ ਲਈ ਹੈ।

ਫਾਰਚੂਨਰ ਤੋਂ 3 ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਟੀਮ ਸਕਾਰਪੀਓ ਵਿੱਚ ਫਰਾਰ ਵਿਧਾਇਕ ਦਾ ਪਿੱਛਾ ਕਰ ਰਹੀ ਹੈ। ਜ਼ਖਮੀ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਅੱਜ ਸਵੇਰੇ ਪੰਜਾਬ ਪੁਲਸ ਨੇ ਪਟਿਆਲਾ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀ ਇਕ ਪੁਰਾਣੇ ਜਬਰ-ਜ਼ਿਨਾਹ ਦੇ ਮਾਮਲੇ ਵਿਚ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪਠਾਨਮਾਜਰਾ ਨੇ ਆਪਣੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਪਾ ਕੇ ਦਾਅਵਾ ਕੀਤਾ ਸੀ ਕਿ ਪੁਲਸ ਨੇ ਉਨ੍ਹਾਂ ਵਿਰੁੱਧ ਇੱਕ ਪੁਰਾਣੇ ਮਾਮਲੇ ਵਿਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ।











