
ਆਨੰਦਪੁਰ ਸਾਹਿਬ (ਦ ਸਟੈਲਰ ਨਿਊਜ਼)। 6 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਕਾਰਨ ਸੂਬੇ ਦੇ 136 ਏਡਿਡ ਕਾਲਜਾਂ ਦੇ ਹਜ਼ਾਰਾਂ ਪ੍ਰੋਫੈਸਰਾਂ ਨੇ ਅੱਜ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਬੈਨਰ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜੱਦੀ ਪਿੰਡ ਗੰਭੀਰਪੁਰਾ ਵਿੱਚ ਜੋਰਦਾਰ ਰੋਸ਼ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦੇ ਘਰ ਦਾ ਘਿਰਾਓ ਕੀਤਾ ਹੈ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਪ੍ਰੋਫੈਸਰਾਂ ਨੇ ਸਰਕਾਰ ਵਿਰੁੱਧ ਨਾਰੇਬਾਜ਼ੀ ਕੀਤੀ । ਦੱਸਿਆ ਜਾ ਰਿਹਾ ਹੈ ਕਿ ਆਲ ਇੰਡੀਆ ਫੈਡਰੇਸ਼ਨ ਆਫ ਕਾਲਜ ਐਂਡ ਯੂਨੀਵਰਸਿਟੀ ਟੀਚਰਜ਼ ਦੇ ਵਾਈਸ ਪ੍ਰੈਜ਼ੀਡੈਂਟ ਡਾ. ਵਿਨੇ ਸੋਫਤ ਨੇ ਭਗਵੰਤ ਮਾਨ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਦਾ ਨਾਮ ਦਿੱਤਾ ਹੈ ਅਤੇ ਦੱਸਿਆ ਕਿ ਸਰਕਾਰ ਨੇ ਰਾਸ਼ਟਰ ਨਿਰਮਾਤਾ ਪ੍ਰੋਫੈਸਰਾਂ ਨੂੰ ਛੇ ਮਹੀਨਿਆਂ ਤੋਂ ਤਨਖਾਹਾਂ ਰੋਕ ਕੇ ਦਾਲ-ਰੋਟੀ ਲਈ ਮੁਹਤਾਜ਼ ਕਰ ਦਿੱਤਾ ਹੈ। ਉਨ੍ਹਾਂ ਨੇ ਸਿੱਧੀ ਮੰਗ ਕੀਤੀ ਕਿ ਹਰਜੋਤ ਬੈਂਸ ਨੂੰ ਤੁਰੰਤ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ।












