
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਐਸ.ਸੀ ਉਮੀਦਵਾਰਾਂ ਲਈ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 27 ਅਕਤੂਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ,ਸਾਂਭ- ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਜਾਵੇਗੀ। ਇਸ ਸਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ/ਔਰਤ) ਜਿਨ੍ਹਾ ਦੀ ਉਮਰ 18 ਤੋਂ 55 ਸਾਲ ਦੇ ਵਿਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ, 24 ਅਕਤੂਬਰ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਆਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਟ੍ਰੇਨਿੰਗ ਉਪਰੰਤ ਸਿਖਿਆਰਥੀਆਂ ਨੂੰ 3500 ਰੁਪਏ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ 2, 5 ਅਤੇ 10 ਦੁਧਾਰੂ ਪਸ਼ੂਆਂ ਦੀ ਖ਼ਰੀਦ ‘ਤੇ 33 ਫ਼ੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025, 98722-77136 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।











