ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਜ਼ਿਲਾ ਪ੍ਰਸ਼ਾਸ਼ਨ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜ਼ਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਅਤੇ ਐਸ.ਐਸ.ਪੀ. ਜੇ. ਏਲਨਚੇਲੀਅਨ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਸੁਪਨਿਆ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਤਿਆਗ ਕਰਕੇ ਦੇਸ਼ ਭਗਤੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ। ਉਹਨਾ ਕਿਹਾ ਕਿ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਵਿੱਚ ਵੱਧ ਚੜ• ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।
ਉਹਨਾਂ ਕਿਹਾ ਕਿ ਸਮਾਜਿਕ ਕੁਰੀਤੀਆਂ ਖਿਲਾਫ਼ ਇਕਜੁੱਟਤਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜ਼ਲੀ ਹੈ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਵੀ ਹਥਿਆਰ ਉਲਟੇ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਸਹਾਇਕ ਕਮਿਸ਼ਨਰ (ਜ) ਅਮਰਜੀਤ ਸਿੰਘ, ਪੀ.ਸੀ.ਐਸ. ਅੰਡਰ ਟਰੇਨਿੰਗ ਅਮਿਤ ਸਰੀਨ, ਜ਼ਿਲ•ਾ ਮਾਲ ਅਫ਼ਸਰ ਅਮਨ ਪਾਲ ਸਿੰਘ, ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।