
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਔਰਤਾਂ ਲਈ ਸਿੱਖਿਆ, ਅਧਿਕਾਰਾਂ, ਸਿਹਤ ਤੇ ਸਫ਼ਾਈ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ 12 ਜਨਵਰੀ, 2026 ਨੂੰ ਡਾ. ਬੀ.ਆਰ.ਅੰਬੇਦਕਰ ਭਵਨ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਿਹਤ ਵਿਭਾਗ ਵੱਲੋਂ ਔਰਤਾਂ ਦਾ ਮੁਫ਼ਤ ਹੈਲਥ ਚੈਕ-ਅੱਪ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਔਰਤਾਂ ਅਤੇ ਲੜਕੀਆਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਵੱਖ-ਵੱਖ 15 ਕੰਪਨੀਆਂ ਨੂੰ ਕੈਂਪ ਵਿੱਚ ਆਉਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਔਰਤਾਂ ਅਤੇ ਲੜਕੀਆਂ ਨੂੰ ਕੈਂਪ ਵਿੱਚ ਹੀ ਰੋਜ਼ਗਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੈਲਫ ਹੈਲਪ ਗਰੁੱਪ, ਸਖੀ ਵਨ ਸਟਾਪ ਸੈਂਟਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਹੈਲਥ ਡਾਈਟ ਪਲਾਨ ਆਦਿ ਦੇ ਸਟਾਲ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਔਰਤਾਂ/ਲੜਕੀਆਂ ਨੂੰ ਇਸ ਕੈਂਪ ਵਿੱਚ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।












